ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ, ਪੰਜਾਬੀ ਗਾਇਕ ਨੇ ਕੀਤੀ ਲੰਗਰ ਸੇਵਾ

Global Team
3 Min Read

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਸੈਕਟਰ-48 ਨੇੜੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਦਾ ਧਰਨੇ ਵਾਲੀ ਥਾਂ ’ਤੇ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਕਿਸਾਨਾਂ ਦੇ ਇਸ ਸੰਘਰਸ਼ ਨੂੰ ਸਮਰਥਨ ਦੇਣ ਲਈ ਪੰਜਾਬੀ ਗਾਇਕ ਵੀ ਮੋਰਚੇ ਵਿੱਚ ਪਹੁੰਚ ਰਹੇ ਹਨ।

ਰੇਸ਼ਮ ਸਿੰਘ ਅਨਮੋਲ ਨੇ ਕੀਤੀ ਲੰਗਰ ਸੇਵਾ

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਕਿਸਾਨਾਂ ਦੇ ਮੋਰਚੇ ਵਿੱਚ ਪਹੁੰਚੇ। ਉਨ੍ਹਾਂ ਧਰਨੇ ਵਾਲੀ ਥਾਂ ’ਤੇ ਲੰਗਰ ਸੇਵਾ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਲੰਗਰ ਤਿਆਰ ਕਰ ਰਹੀਆਂ ਮਹਿਲਾਵਾਂ ਦੇ ਪੈਰ ਵੀ ਦਬਾਏ।

ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਪਹੁੰਚੇ। ਅੱਜ ਸਵੇਰੇ 11 ਵਜੇ ਮੰਚ ਤੋਂ ਕਿਸਾਨ ਆਗੂਆਂ ਵੱਲੋਂ ਸੰਬੋਧਨ ਕੀਤਾ ਜਾਵੇਗਾ।

ਰਾਜੇਵਾਲ ਨੇ ਸਰਕਾਰਾਂ ਨੂੰ ਦਿੱਤੀ ਚੇਤਾਵਨੀ

ਕਿਸਾਨ ਯੂਨੀਅਨ (ਰਾਜੇਵਾਲ) ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦਾ 70 ਤੋਂ 80 ਫੀਸਦੀ ਅਨਾਜ ਪੈਦਾ ਕਰਨ ਵਾਲਾ ਕਿਸਾਨ ਅੱਜ ਆਪਣੇ ਹੱਕ ਅਤੇ ਇਨਸਾਫ਼ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹੈ। ਉਨ੍ਹਾਂ ਇਸ ਸਥਿਤੀ ਨੂੰ ਸਰਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ।

ਰਾਜੇਵਾਲ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਹਰ ਵਰਗ ਮੌਜੂਦਾ ਸਰਕਾਰਾਂ ਤੋਂ ਪਰੇਸ਼ਾਨ ਹੈ।

ਅਮਰੀਕਾ ਨਾਲ ਐਗਰੀਮੈਂਟ ’ਤੇ ਚੱਕਾ ਜਾਮ ਦੀ ਧਮਕੀ

ਰਾਜੇਵਾਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਮਰੀਕਾ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲਾ ਕੋਈ ਐਗਰੀਮੈਂਟ ਕਰਦੀ ਹੈ ਤਾਂ ਕਿਸਾਨ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦੇ ਨਾਲ-ਨਾਲ ਰੇਲ ਆਵਾਜਾਈ ਵੀ ਰੋਕਣਗੇ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੈਕਟਰ-48 ਨੇੜੇ ਲਾਇਆ ਗਿਆ ਪੱਕਾ ਮੋਰਚਾ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇੱਥੇ ਪਹੁੰਚ ਚੁੱਕੇ ਹਨ ਅਤੇ ਹੁਣ ਆਪਣੀਆਂ ਮੰਗਾਂ ਮਨਵਾ ਕੇ ਹੀ ਵਾਪਸ ਜਾਣਗੇ।

ਟਰੈਕਟਰ-ਟਰਾਲੀਆਂ ਦੀ ਗਿਣਤੀ ਵਧੀ

ਜਗਤਪੁਰਾ ਤੋਂ ਚੰਡੀਗੜ੍ਹ ਦੇ ਸੈਕਟਰ-48 ਵੱਲ ਜਾਣ ਵਾਲੀ ਸੜਕ ਦੇ ਇੱਕ ਪਾਸੇ ਕਿਸਾਨਾਂ ਦਾ ਮੋਰਚਾ ਲੱਗਾ ਹੈ, ਜਦਕਿ ਦੂਜੇ ਪਾਸੇ ਆਵਾਜਾਈ ਚੱਲ ਰਹੀ ਹੈ। ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਪਹੁੰਚਣ ਤੋਂ ਬਾਅਦ ਇਨ੍ਹਾਂ ਨੂੰ ਸੜਕ ਦੇ ਕਿਨਾਰੇ ਅਤੇ ਉਪਲਬਧ ਥਾਵਾਂ ’ਤੇ ਖੜ੍ਹਾ ਕੀਤਾ ਗਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਟਰੈਕਟਰ-ਟਰਾਲੀਆਂ ਦੀ ਗਿਣਤੀ ਹੋਰ ਵਧਦੀ ਹੈ ਤਾਂ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ।

ਬੁਨਿਆਦੀ ਸਹੂਲਤਾਂ ਨਾ ਮਿਲਣ ’ਤੇ ਨਾਰਾਜ਼ਗੀ

ਮਾਨਸਾ ਸਮੇਤ ਦੂਰ-ਦੁਰਾਡੇ ਇਲਾਕਿਆਂ ਤੋਂ ਪਹੁੰਚੇ ਕਿਸਾਨਾਂ ਵਿੱਚ ਮੋਰਚੇ ਨੂੰ ਲੈ ਕੇ ਉਤਸ਼ਾਹ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਲੰਬੇ ਸਮੇਂ ਤੱਕ ਮੋਰਚਾ ਲਗਾ ਕੇ ਮੰਗਾਂ ਮਨਵਾਈਆਂ ਜਾ ਸਕਦੀਆਂ ਹਨ ਤਾਂ ਇੱਥੇ ਵੀ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾ ਕੇ ਹੀ ਵਾਪਸ ਜਾਣਗੇ।

ਇਸ ਦੇ ਨਾਲ ਹੀ ਮੰਚ ਤੋਂ ਕਿਸਾਨ ਆਗੂਆਂ ਨੇ ਬਿਜਲੀ, ਪਾਣੀ, ਮੋਬਾਈਲ ਟਾਇਲਟ ਅਤੇ ਰਹਿਣ ਲਈ ਲੋੜੀਂਦੀਆਂ ਸਹੂਲਤਾਂ ਨਾ ਮਿਲਣ ’ਤੇ ਨਾਰਾਜ਼ਗੀ ਜਤਾਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬੁਨਿਆਦੀ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Share This Article
Leave a Comment