ਪੰਜਾਬ ਦੇ ਮੌਸਮ ’ਚ ਵੱਡਾ ਬਦਲਾਅ, ਅੱਜ 16 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

Global Team
3 Min Read

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮਾਨਸੂਨ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਵਿੱਚ ਵੀ ਅੱਜ ਅਸਮਾਨ ’ਤੇ ਅੰਸ਼ਕ ਬੱਦਲ ਛਾਏ ਰਹਿਣਗੇ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ 37.5 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।

16 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੇ ਨਾਲ ਗਰਜ-ਚਮਕ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੁਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਮਾਨਸੂਨ ਟਰਫ ਦੇ ਨਾਲ ਪੱਛਮੀ ਵਿਗਾੜ ਵੀ ਸਰਗਰਮ

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਮਾਨਸੂਨ ਟਰਫ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਤੋਂ ਹੁੰਦੀ ਹੋਈ ਬੰਗਾਲ ਦੀ ਖਾੜੀ ਤੱਕ ਬਣੀ ਹੋਈ ਹੈ।

ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਆਸ-ਪਾਸ ਪੱਛਮੀ ਵਿਗਾੜ ਵੀ ਸਰਗਰਮ ਹੈ। ਇਨ੍ਹਾਂ ਦੋਵੇਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਿਆ ਰਹੇਗਾ ਅਤੇ ਕਈ ਥਾਵਾਂ ’ਤੇ ਮੀਂਹ ਦੇ ਨਾਲ ਗਰਜ-ਚਮਕ ਦੀਆਂ ਗਤੀਵਿਧੀਆਂ ਹੋ ਸਕਦੀਆਂ ਹਨ।

ਭਾਖੜਾ ਤੇ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

ਭਾਖੜਾ ਡੈਮ ਦਾ ਮੌਜੂਦਾ ਪਾਣੀ ਦਾ ਪੱਧਰ 1644.09 ਫੁੱਟ ਹੈ, ਜਦਕਿ ਇਸ ਦਾ ਫੁੱਲ ਰਿਜ਼ਰਵਾਇਰ ਲੈਵਲ 1680 ਫੁੱਟ ਹੈ। ਡੈਮ ਵਿੱਚ ਇਸ ਸਮੇਂ 26,455 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26,098 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤਰ੍ਹਾਂ ਭਾਖੜਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 35.91 ਫੁੱਟ ਹੇਠਾਂ ਹੈ।

ਪੌਂਗ ਡੈਮ ਦਾ ਪਾਣੀ ਦਾ ਪੱਧਰ 1372.35 ਫੁੱਟ ਹੈ, ਜਦਕਿ ਇਸ ਦਾ ਫੁੱਲ ਰਿਜ਼ਰਵਾਇਰ ਲੈਵਲ 1400 ਫੁੱਟ ਹੈ। ਇੱਥੇ 19,305 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ ਅਤੇ 17,662 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 27.65 ਫੁੱਟ ਹੇਠਾਂ ਹੈ।

Share This Article
Leave a Comment