ਹਰਿਆਣਾ ’ਚ ਅੱਜ ਤੋਂ ‘ਸੇਵਾ ਸੰਕਲਪ ਅਭਿਆਨ’, CM ਸੈਣੀ ਕਰਨਗੇ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

Global Team
3 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਅਤੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਵਿੱਚ ਅੱਜ 17 ਸਤੰਬਰ ਤੋਂ ‘ਸੇਵਾ ਸੰਕਲਪ ਅਭਿਆਨ’ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਅਭਿਆਨ 17 ਅਕਤੂਬਰ ਤੱਕ ਚੱਲੇਗਾ।

ਅਭਿਆਨ ਦੀ ਸ਼ੁਰੂਆਤ ਪੂਰੇ ਸੂਬੇ ਵਿੱਚ ‘ਆਸ਼ੀਰਵਾਦ ਦੇ ਦੀਏ’ ਜਗਾ ਕੇ ਕੀਤੀ ਜਾਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਹਿੰਦਰਗੜ੍ਹ ਤੋਂ ਇਸ ਅਭਿਆਨ ਦੇ ਨਾਲ-ਨਾਲ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਵੀ ਸ਼ੁਰੂਆਤ ਕਰਨਗੇ।

ਵਿਸ਼ਵਕਰਮਾ ਦਿਵਸ ਮੌਕੇ ਮਜ਼ਦੂਰਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਅਤੇ ਹੋਰ ਲਾਭ ਵੀ ਵੰਡੇ ਜਾਣਗੇ।

ਸੇਵਾ ਕੈਂਪਾਂ ਵਿੱਚ ਮੌਕੇ ’ਤੇ ਹੋਵੇਗਾ ਕੰਮ

ਅਭਿਆਨ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਭਲਾਈ ਯੋਜਨਾਵਾਂ ਦਾ ਲਾਭ ਆਮ ਲੋਕਾਂ ਨੂੰ ਮੌਕੇ ’ਤੇ ਹੀ ਮਿਲੇ ਅਤੇ ਉਨ੍ਹਾਂ ਨੂੰ ਕੰਮ ਕਰਵਾਉਣ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।

ਇਸ ਤਹਿਤ ਬਲਾਕ, ਨਗਰ ਨਿਗਮ, ਨਗਰ ਪਰਿਸ਼ਦ, ਨਗਰ ਪਾਲਿਕਾ ਅਤੇ ਮਹਾਗ੍ਰਾਮ ਪੱਧਰ ’ਤੇ ਸੇਵਾ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਸਰਕਾਰੀ ਯੋਜਨਾਵਾਂ ਨਾਲ ਜੁੜੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ ਨਵੇਂ ਯੋਗ ਲਾਭਪਾਤਰੀਆਂ ਦੇ ਨਾਮ ਵੀ ਮੌਕੇ ’ਤੇ ਜੋੜਨ ਦੀ ਵਿਵਸਥਾ ਹੋਵੇਗੀ।

ਲਾਡੋ ਲਕਸ਼ਮੀ ਯੋਜਨਾ ਦਾ ਦੂਜਾ ਪੜਾਅ

ਮਹਿੰਦਰਗੜ੍ਹ ਵਿੱਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ।

ਸਰਕਾਰ ਮੁਤਾਬਕ ਇਸ ਪੜਾਅ ਰਾਹੀਂ ਹੋਰ ਯੋਗ ਔਰਤਾਂ ਨੂੰ ਯੋਜਨਾ ਦਾ ਸਿੱਧਾ ਲਾਭ ਦੇਣ ਦੀ ਵਿਵਸਥਾ ਕੀਤੀ ਜਾਵੇਗੀ।

ਵਿਦਿਆਰਥੀਆਂ ਲਈ ਹੋਣਗੇ ਮੁਕਾਬਲੇ

‘ਸੇਵਾ ਸੰਕਲਪ ਅਭਿਆਨ’ ਤਹਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੇਂਟਿੰਗ, ਰੰਗੋਲੀ ਅਤੇ ਰਾਸ਼ਟਰ ਨਿਰਮਾਣ ਨਾਲ ਸਬੰਧਤ ਮੁਕਾਬਲੇ ਕਰਵਾਏ ਜਾਣਗੇ।

ਇਸ ਦੇ ਨਾਲ ਹਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਨਵੀਆਂ ਪਹਿਲਕਦਮੀਆਂ ਅਤੇ ਚੰਗੇ ਕੰਮਾਂ ਦਾ ਰਿਕਾਰਡ ਵੀ ਤਿਆਰ ਕੀਤਾ ਜਾਵੇਗਾ, ਤਾਂ ਜੋ ਹੋਰ ਜ਼ਿਲ੍ਹੇ ਵੀ ਇਨ੍ਹਾਂ ਤੋਂ ਸਿੱਖ ਸਕਣ।

ਰੋਜ਼ਾਨਾ ਹੋਵੇਗੀ ਅਭਿਆਨ ਦੀ ਮਾਨੀਟਰਿੰਗ

ਅਭਿਆਨ ਦੀ ਨਿਗਰਾਨੀ ਲਈ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਅਧਿਕਾਰੀ ਰੋਜ਼ਾਨਾ ਦੀ ਪ੍ਰਗਤੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣਗੇ।

ਮੀਟਿੰਗ ਵਿੱਚ ਕਈ ਸੀਨੀਅਰ ਅਧਿਕਾਰੀ ਰਹੇ ਮੌਜੂਦ

ਸਮੀਖਿਆ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ ਸਮੇਤ ਕਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

Share This Article
Leave a Comment