ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਿਤ ਹਾਲੀਆ ਵਿਵਾਦ ਤੇ ਸੋਸ਼ਲ ਮੀਡੀਆ ਤੇ ਉੱਠ ਰਹੇ ਵੱਖ-ਵੱਖ ਸਵਾਲਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਚੁੱਪੀ ਤੋੜਦਿਆਂ ਸਪੱਸ਼ਟ ਕੀਤਾ ਹੈ ਕਿ ਪੂਰੇ ਮਾਮਲੇ ‘ਚ ਕਿਸੇ ਵੀ ਪੱਧਰ ਤੇ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਲਿਆਉਣ ਲਈ 4 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਕਮੇਟੀ ਦੇ ਮੈਂਬਰ: ਇਸ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼ਾਮਿਲ ਕੀਤਾ ਗਿਆ ਹੈ।
ਕੋਆਰਡੀਨੇਟਰ: ਬਲਵਿੰਦਰ ਸਿੰਘ ਕਾਹਲਵਾਂ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਮੇਟੀ ਨੂੰ ਸਾਰੇ ਪੱਖਾਂ ਦੀ ਨਿਰਪੱਖ ਜਾਂਚ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਸੰਗਤ ਅਤੇ ਮੀਡੀਆ ਦੇ ਸਾਹਮਣੇ ਸਾਰੀ ਸੱਚਾਈ ਰੱਖੀ ਜਾਵੇਗੀ।
ਧਾਮੀ ਨੇ ਆਪਣੇ ਤੇ ਲੱਗ ਰਹੇ ਦੋਸ਼ਾਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਹ ਸਵਾਲ ਉਠਾਏ ਜਾ ਰਹੇ ਸਨ ਕਿ ਐਸਜੀਪੀਸੀ ਪ੍ਰਧਾਨ ਇਸ ਮਾਮਲੇ ਤੇ ਕਿਉਂ ਨਹੀਂ ਬੋਲ ਰਹੇ। ਉਨ੍ਹਾਂ ਦੋ ਮੁੱਖ ਨੁਕਤਿਆਂ ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮਹਿਲਾ ਨੂੰ ਉੱਥੇ ਕੌਣ ਲੈ ਕੇ ਆਇਆ, ਉਹ ਕਿੱਥੋਂ ਤੇ ਕਿਸ ਤਰ੍ਹਾਂ ਆਈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਇਨ੍ਹਾਂ ਸਾਰੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਉਸ ਦੋਸ਼ ਨੂੰ ਵੀ ਸਫ਼ੈਦ ਝੂਠ ਕਰਾਰ ਦਿੱਤਾ, ਜਿਸ ‘ਚ ਕਿਹਾ ਜਾ ਰਿਹਾ ਸੀ ਕਿ ਮਹਿਲਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਿਸੇ ਘਟਨਾ ਜਾਂ ਜ਼ਬਰਦਸਤੀ ਸਬੰਧੀ ਸ਼ਿਕਾਇਤ ਕੀਤੀ ਸੀ।
ਧਾਮੀ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਗੱਲ ਉਨ੍ਹਾਂ ਦੇ ਧਿਆਨ ‘ਚ ਲਿਆਂਦੀ ਗਈ ਹੁੰਦੀ ਤਾਂ ਉਹ ਚੁੱਪ ਬੈਠਣ ਵਾਲਿਆਂ ‘ਚੋਂ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਸੰਗਤ ਪ੍ਰਤੀ ਜਵਾਬਦੇਹ ਹਨ ਤੇ ਬੇਬੁਨਿਆਦ ਬਿਆਨਬਾਜ਼ੀ ਕਰਨ ਵਾਲਿਆਂ ਪ੍ਰਤੀ ਨਹੀਂ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਹਰ ਸਵਾਲ ਦਾ ਵਿਸਥਾਰ ਨਾਲ ਪ੍ਰੈੱਸ ਕਾਨਫਰੰਸ ਰਾਹੀਂ ਜਵਾਬ ਦਿੱਤਾ ਜਾਵੇਗਾ।
ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਤਹਿਤ ਸਖ਼ਤ ਕਦਮ ਚੁੱਕੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ‘ਚੋਂ ਛੇਕੇ ਜਾਣ ਤੋਂ ਤੁਰੰਤ ਬਾਅਦ ਗਿਆਨੀ ਮਲਕੀਤ ਸਿੰਘ ਨੂੰ ਵਧੀਕ ਮੁੱਖ ਗ੍ਰੰਥੀ ਦੇ ਅਹੁਦੇ ਤੇ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਮੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਅਮਰਜੀਤ ਸਿੰਘ ਚਾਵਲਾ ਵੱਲੋਂ ਵੀਡੀਓ ਸੰਦੇਸ਼ ਰਾਹੀਂ ਭੇਜਿਆ ਗਿਆ ਅਸਤੀਫ਼ਾ ਵੀ ਤੁਰੰਤ ਮਨਜ਼ੂਰ ਕਰ ਲਿਆ ਗਿਆ ਹੈ।

