ਫਗਵਾੜਾ: ਪੰਜਾਬ ਦੇ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਸ਼ਨੀਵਾਰ- ਐਤਵਾਰ ਦੀ ਰਾਤ ਨੂੰ ਵਿਦਿਆਰਥੀਆਂ ਨੇ ਖੂਬ ਹੰਗਾਮਾ ਕੀਤਾ। ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੀ ਖ਼ਬਰ ਸੋਸ਼ਲ ਮੀਡੀਆ ਗਰੁੱਪਾਂ ‘ਤੇ ਵਾਇਰਲ ਹੋਣ ਤੋਂ ਬਾਅਦ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਉਤਰ ਆਏ।
ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ, ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ। ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਹੋਏ ਹੰਗਾਮੇ ਤੋਂ ਬਾਅਦ, ਵਿਦਿਆਰਥੀਆਂ ਨੇ ਚੰਡੀਗੜ੍ਹ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਦਿੱਤਾ, ਜਿਸ ਨਾਲ ਆਵਾਜਾਈ ਠੱਪ ਹੋ ਗਈ। ਸਵੇਰੇ 2:30 ਵਜੇ ਦੇ ਕਰੀਬ ਸ਼ੁਰੂ ਹੋਇਆ ਇਹ ਜਾਮ ਅਜੇ ਵੀ ਜਾਰੀ ਹੈ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਕਥਿਤ ਝੂਠੀਆਂ, ਬੇਬੁਨਿਆਦ ਤੇ ਮਨਘੜਤ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਕੁਝ ਸਮਾਜ ਵਿਰੋਧੀ ਤੱਤ ਵਿਦਿਆਰਥੀਆਂ ‘ਚ ਬੇਲੋੜਾ ਵਿਵਾਦ ਪੈਦਾ ਕਰਨ ਤੇ ਯੂਨੀਵਰਸਿਟੀ ਦੇ ਸ਼ਾਂਤਮਈ ਅਕਾਦਮਿਕ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਦਸ ਦਈਏ ਕਿ ਸੋਸ਼ਲ ਮੀਡੀਆ ਤੇ ਕੀਤੀਆਂ ਕੁਝ ਪੋਸਟਾਂ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਇੱਕ ਵਿਦਿਆਰਥਣ ਨਾਲ ਕਥਿਤ ਤੌਰ ਤੇ ਜਬਰ-ਜਨਾਹ ਹੋਇਆ ਤੇ ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਕੁਝ ਸੋਸ਼ਲ ਮੀਡੀਆ ਦਾਅਵਿਆਂ ‘ਚ ਇੱਕ ਵਰਕਰ ਨੂੰ ਵੀ ਇਸ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਦਾਅਵਿਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਨਕਾਰਿਆ ਗਿਆ ਹੈ।
ਯੂਨੀਵਰਸਿਟੀ ਨੇ ਕਿਹਾ ਕਿ ਅਜਿਹੀ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਨੂੰ ਜਿਸ ਤਰੀਕੇ ਨਾਲ ਸੋਸ਼ਲ ਮੀਡੀਆ ਅਤੇ ਹੋਰ ਚੈਨਲਾਂ ਰਾਹੀਂ ਲਗਾਤਾਰ ਫੈਲਾਇਆ ਜਾ ਰਿਹਾ ਹੈ, ਉਹ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਅਤੇ ਇਸ ਦੀ ਛਵੀ ਨੂੰ ਖ਼ਰਾਬ ਕਰਨ ਦੀ ਇੱਕ ਜਾਣਬੁੱਝ ਕੇ ਕੀਤੀ ਜਾ ਰਹੀ ਕੋਸ਼ਿਸ਼ ਜਾਪਦੀ ਹੈ।
LPU ਨੇ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਇਨ੍ਹਾਂ ਨੂੰ ਅੱਗੇ ਸਾਂਝਾ ਜਾਂ ਪ੍ਰਚਾਰਿਤ ਕਰਨ।

