ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਸਖ਼ਤ ਮੁਹਿੰਮ ਤਹਿਤ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਦੇਰ ਰਾਤ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਚੱਲ ਰਹੇ ਗ਼ੈਰ-ਕਾਨੂੰਨੀ ਰੇਤ ਖਣਨ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਮੌਕੇ ਤੋਂ ਜੇ.ਸੀ.ਬੀ. ਮਸ਼ੀਨਾਂ ਅਤੇ ਰੇਤ ਨਾਲ ਭਰੇ ਟਿੱਪਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜ਼ਬਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਅਧੀਨ ਪੈਂਦੇ ਪਿੰਡ ਕੋਟ ਸਿੱਧੂ ਵਿਖੇ ਛਾਪੇਮਾਰੀ ਦੌਰਾਨ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਸੱਤ ਟਿੱਪਰਾਂ ਦੀ ਪਛਾਣ ਕੀਤੀ ਗਈ। ਇਸ ਮਾਮਲੇ ਵਿੱਚ ਥਾਣਾ ਭਿੰਦੀ ਸੈਦਾਂ ਵਿਖੇ ਮਾਈਨਜ਼ ਐਂਡ ਮਿਨਰਲਜ਼ ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਜ਼ਮੀਨ ਮਾਲਕਾਂ ਅਤੇ ਵਾਹਨ ਮਾਲਕਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਦੂਜੀ ਕਾਰਵਾਈ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਕੀਤੀ ਗਈ, ਜਿੱਥੇ ਰਾਤ ਸਮੇਂ ਰੇਤ ਨਾਲ ਭਰੇ ਇੱਕ ਬਿਨਾਂ ਨੰਬਰ ਪਲੇਟ ਵਾਲੇ ਟਿੱਪਰ ਨੂੰ ਕਾਬੂ ਕੀਤਾ ਗਿਆ। ਖਣਨ ਵਿਭਾਗ ਨੇ ਵਾਹਨ ਨੂੰ ਜ਼ਬਤ ਕਰਕੇ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕਰ ਦਿੱਤਾ ਹੈ ਅਤੇ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਹੁਣ ਤੱਕ 247 ਐੱਫ.ਆਈ.ਆਰ. ਦਰਜ ਕਰਕੇ 598 ਚਲਾਨ ਕੱਟੇ ਗਏ ਹਨ। ਇਨ੍ਹਾਂ ਕਾਰਵਾਈਆਂ ਤਹਿਤ ਕੁੱਲ 7.92 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ, ਜਿਸ ਵਿੱਚੋਂ 7.69 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਸਭ ਤੋਂ ਵੱਧ 55 ਕੇਸ ਦਰਜ ਹੋਏ ਹਨ, ਜਦਕਿ ਪਠਾਨਕੋਟ ਤੋਂ 1.76 ਕਰੋੜ ਅਤੇ ਹੁਸ਼ਿਆਰਪੁਰ ਤੋਂ 1.25 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੁਦਰਤੀ ਸਰੋਤਾਂ ਦੀ ਲੁੱਟ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

