ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ Mega PTM, ਮਾਪਿਆਂ ਨੂੰ ਮਿਲੇਗੀ ਬੱਚਿਆਂ ਦੀ ਰਿਪੋਰਟ

Global Team
3 Min Read

ਚੰਡੀਗੜ੍ਹ: ਪੰਜਾਬ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ, 9 ਅਕਤੂਬਰ ਨੂੰ ਵਿਸ਼ਾਲ ਪੱਧਰ ਤੇ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ.ਟੀ.ਐੱਮ.) ਕਰਵਾਈ ਜਾ ਰਹੀ ਹੈ। ਇਸ ਅਹਿਮ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਦੇ ਡਾਇਰੈਕਟਰ ਕਿਰਨ ਸ਼ਰਮਾ ਵੱਲੋਂ ਸਮੂਹ ਸੰਬੰਧਿਤ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ।

SCERT ਵੱਲੋਂ 8 ਅਕਤੂਬਰ, 2026 ਨੂੰ ਜਾਰੀ ਕੀਤੇ ਗਏ ਇੱਕ ਪੱਤਰ ਅਨੁਸਾਰ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੈਗਾ ਪੀਟੀਐਮ ਲਈ ਤਿਆਰੀਆਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ 6 ਅਕਤੂਬਰ ਨੂੰ ਇੱਕ ਪਿਛਲਾ ਪੱਤਰ ਜਾਰੀ ਕੀਤਾ ਗਿਆ ਸੀ।

ਨਿਰਦੇਸ਼ਾਂ ਅਨੁਸਾਰ, 9 ਅਕਤੂਬਰ ਨੂੰ ਹੋਣ ਵਾਲੇ ਮੈਗਾ ਪੀਟੀਐਮ ਦੌਰਾਨ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਸਕੂਲਾਂ ਵਿੱਚ ਆਯੋਜਿਤ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਮਾਪਿਆਂ ਨੂੰ ਪੇਸ਼ ਕੀਤੀਆਂ ਜਾਣਗੀਆਂ, ਤਾਂ ਜੋ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਵਿੱਚ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।SCERT ਨੇ ਸਕੂਲਾਂ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਨੂੰ ਵੀਡੀਓ ਰਿਕਾਰਡ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਮੁਖੀ ਮੈਗਾ ਪੇਟੀਐਮ ਨਾਲ ਸਬੰਧਤ ਗਤੀਵਿਧੀਆਂ ਨੂੰ ਰਿਕਾਰਡ ਕਰਨਗੇ ਅਤੇ ਉਹਨਾਂ ਨੂੰ ਨਿਰਧਾਰਤ ਵਟਸਐਪ ਨੰਬਰ 8353006154 ‘ਤੇ ਭੇਜਣਗੇ। ਉਹਨਾਂ ਨੂੰ ਮੀਟਿੰਗ ਦੌਰਾਨ ਵਿਦਿਆਰਥੀ ਅਤੇ ਮਾਪਿਆਂ ਦੀ ਭਾਗੀਦਾਰੀ ਨਾਲ ਜੁੜੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਵੀ ਕਿਹਾ ਗਿਆ ਹੈ।ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਵਿਸ਼ੇਸ਼ ਤੌਰ ਤੇ ਦਰਜ ਕੀਤਾ ਗਿਆ ਹੈ ਕਿ ਮਿਸ਼ਨ ਸਮਰੱਥ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਜੁੜੀਆਂ ਵਿਸ਼ੇਸ਼ ਗਤੀਵਿਧੀਆਂ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਤੌਰ ਤੇ ਕੀਤੀ ਜਾਵੇ। ਇਨ੍ਹਾਂ ਵੀਡੀਓਜ਼ ਵਿੱਚ ਸੰਬੰਧਿਤ ਪ੍ਰਾਜੈਕਟਾਂ ਅਤੇ ਉਨ੍ਹਾਂ ਅੰਦਰ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਸਾਫ਼ ਤੌਰ ਤੇ ਦਰਸਾਇਆ ਜਾਣਾ ਲਾਜ਼ਮੀ ਹੈ।

ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਅਤੇ ਮੈਗਾ ਪੀਟੀਐੱਮ ਦੀਆਂ ਸਮੂਹ ਗਤੀਵਿਧੀਆਂ ਦਾ ਪੂਰਾ ਫ਼ੋਟੋ ਅਤੇ ਵੀਡੀਓ ਰਿਕਾਰਡ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਪੱਤਰ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਹਿੱਤ ਭੇਜਿਆ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment