ਝੋਟਾ ਕਤਲ ਕਾਂਡ: ਅੱਜ ਪੰਜਾਬ ਬੰਦ ਦੀ ਕਾਲ, 4 ਜ਼ਿਲ੍ਹਿਆਂ ਵਿਚ ਸਕੂਲ-ਕਾਲਜਾਂ ਦੀ ਛੁੱਟੀ

Global Team
4 Min Read

ਚੰਡੀਗੜ੍ਹ: ਮਾਨਸਾ ਵਿਚ ਐਂਟੀ ਡਰੱਗ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ (15 ਅਕਤੂਬਰ) ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ‘ਚ ਬੀਤੇ ਦਿਨਾਂ ਤੋਂ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ, ਸਮਾਜਿਕ ਸੰਗਠਨਾਂ-ਕਾਰਕੁਨਾਂ, ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਤੇ ਹੋਰ ਵੀ ਵੱਖ-ਵੱਖ ਜਥੇਬੰਦੀਆਂ ਸਮੇਤ ਆਮ ਲੋਕਾਂ ਨੇ ਸਮਰਥਨ ਦਿੱਤਾ ਹੈ। ਪੰਜਾਬ ਬੰਦ ਦੇ ਮੱਦੇਨਜ਼ਰ ਕਈ ਸਿੱਖਿਅਕ ਅਦਾਰਿਆਂ ਨੇ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਦਾ ਸਮਾਂ ਤੈਅ ਕੀਤਾ ਗਿਆ ਹੈ।  ਇਸ ਦੌਰਾਨ ਸਿਰਫ਼ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ, ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਦੀ ਹੀ ਛੋਟ ਹੈ।

ਲੁਧਿਆਣਾ, ਪਠਾਨਕੋਟ, ਗੁਰਦਾਸਪੁਰ ਅਤੇ ਜਲੰਧਰ ਵਿਚ ਸਾਰੇ ਸਕੂਲ-ਕਾਲਜ ਬੰਦ ਹਨ। ਇਸ ਤੋਂ ਇਲਾਵਾ ਬਾਜ਼ਾਰ ਅਤੇ ਹਾਈਵੇਅ ਵੀ ਬੰਦ ਰਹਿਣਗੇ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਪੀਲ ਕੀਤੀ ਹੈ ਕਿ ਅੱਜ ਲੋਕ ਗੱਡੀਆਂ ਲੈ ਕੇ ਸੜਕਾਂ ‘ਤੇ ਨਾ ਨਿਕਲਣ। ਇਸ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.), ਅਕਾਲੀ ਦਲ, ਕਾਂਗਰਸ, ਅਕਾਲੀ ਦਲ-ਵਾਰਿਸ ਪੰਜਾਬ ਦੇ, ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸਮਰਥਨ ਦਿੱਤਾ ਹੈ।
ਪਰਵਿੰਦਰ ਝੋਟਾ ਦੇ ਪਿਤਾ ਨੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਲੋਕਾਂ ਨੂੰ ਆਪਣੇ-ਆਪਣੇ ਪੱਧਰ ‘ਤੇ ਬੰਦ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ ਤੇ ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਹੋ ਰਹੀ ਹੈ। ਝੋਟਾ ਦੇ ਪਿਤਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੌਸਮ ਖ਼ਰਾਬੀ ਦੇ ਬਾਵਜੂਦ ਉਹ ਅੱਜ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ ਤੇ ਪਰਵਿੰਦਰ ਲਈ ਇਨਸਾਫ਼ ਦੀ ਮੰਗ ਕਰਨ।ਪਰਮਿੰਦਰ ਸਿੰਘ ਝੋਟਾ ਕਤਲ ਇਨਸਾਫ਼ ਕਮੇਟੀ ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਪੰਜਾਬ ਬੰਦ ਦੇ ਮੱਦੇਨਜ਼ਰ ਵਿਸ਼ੇਸ਼ ਅਪੀਲ ਜਾਰੀ ਕੀਤੀ ਗਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਵੇਰ ਤੋਂ ਹੀ ਸੜਕਾਂ ‘ਤੇ ਉਤਰੇ ਹਨ। ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਐਂਟਰੀ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ। ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਪਹਿਲਾ ਜਾਂ ਆਖ਼ਰੀ ਮਾਮਲਾ ਨਹੀਂ ਹੈ। ਜੇਕਰ ਅੱਜ ਸਮਾਜ ਨੇ ਇਕਜੁੱਟ ਹੋ ਕੇ ਇਸ ਬੇਇਨਸਾਫ਼ੀ ਤੇ ਮਾਫ਼ੀਆ ਵਿਰੁੱਧ ਆਵਾਜ਼ ਨਾ ਉਠਾਈ ਤਾਂ ਆਉਣ ਵਾਲੇ ਸਮੇਂ ਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

ਕਿਸਾਨ ਆਗੂ ਨੇ ਅੰਦੋਲਨਕਾਰੀਆਂ ਤੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਜਾਂ ਭੜਕਾਹਟ ਚ ਨਾ ਆਉਣ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਕੁਝ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰ ਅੰਦੋਲਨ ਨੂੰ ਬਦਨਾਮ ਕਰਨ ਅਤੇ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਲਈ ਸਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਤੇ ਅਨੁਸ਼ਾਸਨ ਚ ਰਹਿ ਕੇ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਬਰਕਰਾਰ ਰਹੇ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਪੰਜਾਬ ਦਾ ਮਹਾਨ ਯੋਧਾ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਸੌਦਾਗਰਾਂ ਦੀ ਭੇਂਟ ਚੜ੍ਹ ਗਿਆ ਹੈ। ਇਸ ਦੇ ਵਿਰੋਧ ਵਿਚ ਪੰਜਾਬ ਦੇ ਹਿਤੈਸ਼ੀ ਆਗੂਆਂ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment