ਸੰਗਰੂਰ ਨਿਊਜ਼ : ਪੰਜਾਬ ਦੀ ਸਿਆਸਤ ‘ਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲਣ ਵਾਲੀ ਹੈ। ਸੰਗਰੂਰ ਦੀ ਧਰਤੀ ਤੋਂ ਕਾਂਗਰਸ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ਜੀ ਹਾਂ, ਪੰਜਾਬ ਕਾਂਗਰਸ ਵੱਲੋਂ ਅੱਜ ਸੰਗਰੂਰ ਵਿੱਚ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕਾਂਗਰਸ ਦੇ ਦੋ ਵੱਡੇ ਚਿਹਰੇ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਸ਼ਾਮਲ ਹੋਣਗੇ। ਇਸ ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਕਾਂਗਰਸ ਨੇ ਇਸ ਇਕੱਠ ਵਿੱਚ ਇੱਕ ਲੱਖ ਲੋਕਾਂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਹੈ। ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਕਾਂਗਰਸ ਭਵਨ ‘ਚ ਝੜਪ ਤੋਂ ਬਾਅਦ ਬਰਿੰਦਰ ਢਿੱਲੋਂ ਨੂੰ ਨੋਟਿਸ, 3 ਦਿਨਾਂ ‘ਚ ਮੰਗਿਆ ਜਵਾਬ
ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ, ਸਾਬਕਾ ਮੰਤਰੀ ਅਤੇ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਪਰ ਇਸ ਰੈਲੀ ਨੂੰ ਸਿਰਫ਼ ਇੱਕ ਸਿਆਸੀ ਇਕੱਠ ਵਜੋਂ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਦੇ ਵੱਡੇ ਸੰਕੇਤ ਵਜੋਂ ਵੀ ਦੇਖਿਆ ਜਾ ਰਿਹਾ ਹੈ। ਰੈਲੀ ਦੌਰਾਨ ਕਾਂਗਰਸ ਵੱਲੋਂ ਕਿਸਾਨਾਂ ਦੇ ਮਸਲੇ, ਨੌਜਵਾਨਾਂ ਲਈ ਰੁਜ਼ਗਾਰ, ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਸੂਬੇ ਦੇ ਹੱਕਾਂ ਨਾਲ ਜੁੜੇ ਮੁੱਦੇ ਉਠਾਏ ਜਾਣਗੇ। ਹੁਣ ਦੇਖਣਾ ਹੋਵੇਗਾ ਕਿ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੀ ਸੁਨੇਹਾ ਦਿੰਦੇ ਹਨ ਅਤੇ ਕੀ ਕਾਂਗਰਸ ਦਾ ਇਹ ਸ਼ਕਤੀ ਪ੍ਰਦਰਸ਼ਨ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਨਵੀਂ ਸਿਆਸੀ ਮਜ਼ਬੂਤੀ ਦੇ ਸਕੇਗਾ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਸੰਗਰੂਰ ਦੀ ਇਸ ਵੱਡੀ ਰੈਲੀ ‘ਤੇ ਟਿਕੀਆਂ ਹੋਈਆਂ ਹਨ।

