1984 ਸਿੱਖ ਕਤਲੇਆਮ ਮਾਮਲੇ ‘ਚ ਬਲਵਾਨ ਖੋਖਰ ਦੀ ਜ਼ਮਾਨਤ ‘ਤੇ ਸੁਣਵਾਈ

raajan tiwari
2 Min Read

ਦਿੱਲੀ : 1984 ਦੇ ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ਵਿੱਚ ਇੱਕ ਵਾਰ ਫਿਰ ਅਦਾਲਤ ਅੰਦਰ ਜ਼ਮਾਨਤ ਨੂੰ ਲੈ ਕੇ ਅਹਿਮ ਸੁਣਵਾਈ ਹੋਈ ਹੈ। ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦਾ ਸਿੱਖ ਪੀੜਤਾਂ ਦੇ ਵਕੀਲ ਐੱਚ.ਐੱਸ. ਫੂਲਕਾ ਨੇ ਵਿਰੋਧ ਕੀਤਾ ਹੈ। ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਦੱਸਿਆ ਕਿ ਬਲਵਾਨ ਖੋਖਰ ਨੇ ਅਦਾਲਤ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ। ਖੋਖਰ ਨੂੰ ਸੱਜਣ ਕੁਮਾਰ ਦੇ ਨਾਲ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜ਼ਮਾਨਤ ਦੀ ਮੰਗ ਕਰਦਿਆਂ ਖੋਖਰ ਵੱਲੋਂ ਦਲੀਲ ਦਿੱਤੀ ਗਈ ਕਿ ਉਹ ਪਿਛਲੇ ਸਾਢੇ 13 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਦੀ ਸਰੀਰਕ ਹਾਲਤ ਠੀਕ ਨਹੀਂ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਹੈ। ਇਸ ਤੋਂ ਇਲਾਵਾ ਉਸ ਨੂੰ ਕਈ ਵਾਰ ਹਸਪਤਾਲ ਵਿੱਚ ਵੀ ਦਾਖ਼ਲ ਕਰਵਾਉਣਾ ਪਿਆ ਹੈ।

ਇਹ ਵੀ ਪੜ੍ਹੌ :  ਕੈਨੇਡਾ ‘ਚ 2 ਲੱਖ ਲੋਕਾਂ ਨੂੰ ਮਿਲੇਗੀ PR! ਵੱਡਾ ਐਲਾਨ

ਖੋਖਰ ਵੱਲੋਂ ਇਹ ਵੀ ਕਿਹਾ ਗਿਆ ਕਿ ਉਸ ਦੀ ਅਪੀਲ ਲੰਬੇ ਸਮੇਂ ਤੋਂ ਅਦਾਲਤ ਵਿੱਚ ਪੈਂਡਿੰਗ ਹੈ ਅਤੇ ਅਜੇ ਤੱਕ ਸੁਣਵਾਈ ਲਈ ਨਹੀਂ ਆਈ। ਇਸ ਆਧਾਰ ‘ਤੇ ਉਸ ਨੇ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਉੱਧਰ, ਸਿੱਖ ਪੀੜਤਾਂ ਵੱਲੋਂ ਪੇਸ਼ ਹੋਏ ਐੱਚ.ਐੱਸ. ਫੂਲਕਾ ਨੇ ਅਦਾਲਤ ਵਿੱਚ ਇਸ ਜ਼ਮਾਨਤ ਦਾ ਵਿਰੋਧ ਕਰਦਿਆਂ ਮਾਮਲੇ ਦੀ ਗੰਭੀਰਤਾ ਵੱਲ ਧਿਆਨ ਦਿਵਾਇਆ। ਫੂਲਕਾ ਨੇ ਦਲੀਲ ਦਿੱਤੀ ਕਿ ਭਾਵੇਂ ਮੌਜੂਦਾ ਕੇਸ ਵਿੱਚ ਪੰਜ ਕਤਲਾਂ ਦਾ ਮਾਮਲਾ ਹੈ, ਪਰ ਇਹ ਕੋਈ ਇਕੱਲੀ ਘਟਨਾ ਨਹੀਂ, ਸਗੋਂ 1984 ਦੇ ਉਸ ਵੱਡੇ ਸਿੱਖ ਕਤਲੇਆਮ ਦਾ ਹਿੱਸਾ ਹੈ, ਜਿਸ ਨੂੰ ਉਨ੍ਹਾਂ ਨੇ ਨਸਲਕੁਸ਼ੀ ਕਰਾਰ ਦਿੱਤਾ। ਉਨ੍ਹਾਂ ਮੁਤਾਬਕ ਸਰਕਾਰੀ ਅੰਕੜਿਆਂ ਅਨੁਸਾਰ ਇਸ ਕਤਲੇਆਮ ਦੌਰਾਨ 2,333 ਸਿੱਖਾਂ ਦੀ ਜਾਨ ਗਈ ਸੀ। ਹੁਣ ਇਸ ਮਾਮਲੇ ਵਿੱਚ ਅਦਾਲਤ ਦਾ ਕੀ ਰੁਖ਼ ਰਹਿੰਦਾ ਹੈ ਅਤੇ ਬਲਵਾਨ ਖੋਖਰ ਨੂੰ ਜ਼ਮਾਨਤ ਮਿਲਦੀ ਹੈ ਜਾਂ ਨਹੀਂ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Share This Article
Leave a Comment