ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਸਿਆਸੀ ਘਮਾਸਾਣ ਤੇਜ਼ ਹੋ ਗਿਆ ਹੈ। ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ‘ਤੇ ਕਰੀਬ 48 ਘੰਟੇ ਤੱਕ ਚੱਲੀ ਈਡੀ ਦੀ ਜਾਂਚ ਤੋਂ ਬਾਅਦ ਹੁਣ ‘ਆਪ’ ਨੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ 48 ਘੰਟਿਆਂ ਦੀ ਜਾਂਚ ਦੌਰਾਨ ਵਿਧਾਇਕ ਦੇ ਟਿਕਾਣਿਆਂ ਤੋਂ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ। ਇਸ ਨੂੰ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰੀ ਦਾ ਸਰਟੀਫਿਕੇਟ ਕਰਾਰ ਦਿੱਤਾ ਹੈ। ਦਰਅਸਲ, ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ। ਚੀਮਾ ਨੇ ਦੋਸ਼ ਲਗਾਇਆ ਕਿ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਦਬਾਉਣ ਅਤੇ ਡਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਅਮਨਦੀਪ ਕੌਰ ਅਰੋੜਾ ਦੇ ਘਰ, ਦਫ਼ਤਰ ਅਤੇ ਹੋਰ ਟਿਕਾਣਿਆਂ ‘ਤੇ ਕਰੀਬ 48 ਘੰਟੇ ਤੱਕ ਜਾਂਚ ਚੱਲੀ, ਪਰ ਇਸ ਦੌਰਾਨ ਇੱਕ ਪੈਸਾ ਵੀ ਨਹੀਂ ਮਿਲਿਆ।
ਇਹ ਵੀ ਪੜ੍ਹੌ : ਪਰਵਿੰਦਰ ਝੋਟਾ ਦੇ ਪੋਸਟਮਾਰਟਮ ‘ਚ ਕਿਉਂ ਹੋਈ ਦੇਰੀ, ਜਾਣੋ ਕਾਰਨ
ਚੀਮਾ ਮੁਤਾਬਕ ਇਹ ਜਾਂਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਇਮਾਨਦਾਰੀ ਨੂੰ ਸਾਬਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ‘ਤੇ ਇੱਕ ਹੋਰ ਵੱਡਾ ਇਲਜ਼ਾਮ ਲਗਾਇਆ। ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਵਰਗੇ ਲਾਲਚ ਦੇ ਕੇ ਪਾਰਟੀ ਛੱਡਣ ਲਈ ਉਕਸਾਇਆ ਜਾ ਰਿਹਾ ਹੈ।ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂ ਅਜਿਹੇ ਲਾਲਚਾਂ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਨੇ ਭਾਜਪਾ ‘ਤੇ ਈਡੀ, ਸੀਬੀਆਈ ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਸਿਆਸੀ ਮਕਸਦਾਂ ਲਈ ਵਰਤੋਂ ਕਰਨ ਦੇ ਇਲਜ਼ਾਮ ਵੀ ਲਗਾਏ। ਹੁਣ ਗੱਲ ਕਰਦੇ ਹਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਦਾਅਵਿਆਂ ਦੀ। ਵਿਧਾਇਕ ਨੇ ਦੱਸਿਆ ਕਿ ਈਡੀ ਵੱਲੋਂ ਸਿਰਫ਼ ਉਨ੍ਹਾਂ ਦੀ ਰਿਹਾਇਸ਼ ਅਤੇ ਦਫ਼ਤਰ ਹੀ ਨਹੀਂ, ਸਗੋਂ ਹਸਪਤਾਲ ਅਤੇ ਉਨ੍ਹਾਂ ਦੇ ਮਾਤਾ-ਪਿਤਾ, ਭਰਾ ਤੇ ਹੋਰ ਰਿਸ਼ਤੇਦਾਰਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ। ਉਨ੍ਹਾਂ ਦਾ ਦੋਸ਼ ਹੈ ਕਿ ਜਾਂਚ ਅਤੇ ਪੁੱਛਗਿੱਛ ਦੀ ਕਾਰਵਾਈ ਨੂੰ ਜਾਣਬੁੱਝ ਕੇ ਲੰਮਾ ਖਿੱਚਿਆ ਗਿਆ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਵੀ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੌ : ਹਿਮਾਚਲ ਪ੍ਰਦੇਸ਼ ਦੀ ਦਹਾਕਿਆਂ ਪੁਰਾਣੀ ਮੰਗ ਹੋਈ ਪੂਰੀ, ਹਿਮਾਚਲ ਨੂੰ ਮਿਲੇਗੀ 7.19% ਬਿਜਲੀ
ਇਸ ਦੌਰਾਨ ਵਿਧਾਇਕ ਨੇ ਇੱਕ ਹੋਰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਸਮੇਤ ਹੋਰ ਅਹੁਦਿਆਂ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਪਰ ਉਨ੍ਹਾਂ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ। ਡਾ. ਅਰੋੜਾ ਨੇ ਕਿਹਾ ਕਿ ਉਹ ਸਿਆਸਤ ਵਿੱਚ ਕਿਸੇ ਅਹੁਦੇ ਜਾਂ ਨਿੱਜੀ ਲਾਲਸਾ ਲਈ ਨਹੀਂ ਆਏ, ਸਗੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨਾਲ ਸਿਆਸਤ ਵਿੱਚ ਆਏ ਹਨ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਕਿਹਾ ਕਿ ਛਾਪੇਮਾਰੀ, ਧਮਕੀਆਂ ਜਾਂ ਸਿਆਸੀ ਦਬਾਅ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਫਿਲਹਾਲ, ਈਡੀ ਦੀ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਭਾਜਪਾ ‘ਤੇ ਕੀਤੇ ਜਾ ਰਹੇ ਇਹਨਾਂ ਹਮਲਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ‘ਤੇ ਭਾਜਪਾ ਵੱਲੋਂ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

