Punjab News : ਵੱਡੀ ਖ਼ਬਰ ਮੁਹਾਲੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ 34 ਸਾਲ ਪੁਰਾਣੇ ਇੱਕ ਅਗਵਾ ਅਤੇ ਲਾਪਤਾ ਕਰਨ ਦੇ ਮਾਮਲੇ ਵਿੱਚ CBI ਅਦਾਲਤ ਨੇ ਸਖ਼ਤ ਫੈਸਲਾ ਸੁਣਾਇਆ ਹੈ। ਮੁਹਾਲੀ ਦੀ ਵਿਸ਼ੇਸ਼ CBI ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਇੱਕ ਟਰਾਂਸਪੋਰਟਰ ਨੂੰ ਪੁਲਿਸ ਵੱਲੋਂ ਅਗਵਾ ਕਰਨ ਅਤੇ ਉਸ ਤੋਂ ਬਾਅਦ ਲਾਪਤਾ ਕਰਨ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਸਾਬਕਾ SSP ਨੂੰ IPC ਦੀ ਧਾਰਾ 365 ਤਹਿਤ 5 ਸਾਲ ਅਤੇ ਧਾਰਾ 120-B ਤਹਿਤ 2 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਹ ਵੀ ਪੜ੍ਹੌ : AAP ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
ਦਰਅਸਲ, ਇਹ ਮਾਮਲਾ 25 ਨਵੰਬਰ 1992 ਦਾ ਹੈ। ਜਦੋਂ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਆਪਣੀ ਭਾਣਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਦੇ ਹੋਟਲ ਅਮਲਤਾਸ਼ ਵਿੱਚ ਪਹੁੰਚੇ ਹੋਏ ਸਨ। ਇਸੇ ਦੌਰਾਨ ਤਰਨ ਤਾਰਨ ਪੁਲਿਸ ਦੀ ਇੱਕ ਟੀਮ ਨੇ ਉਨ੍ਹਾਂ ਨੂੰ ਵਿਆਹ ਸਮਾਗਮ ਵਿੱਚੋਂ ਚੁੱਕ ਲਿਆ। ਪਰਿਵਾਰ ਮੁਤਾਬਕ ਇਸ ਤੋਂ ਬਾਅਦ ਅਮਰੀਕ ਸਿੰਘ ਦਾ ਕੋਈ ਥਹੁ-ਪਤਾ ਨਹੀਂ ਲੱਗਿਆ ਅਤੇ ਉਹ ਮੁੜ ਕਦੇ ਘਰ ਵਾਪਸ ਨਹੀਂ ਆਏ। ਆਪਣੇ ਪਤੀ ਦੀ ਭਾਲ ਅਤੇ ਇਨਸਾਫ਼ ਲਈ ਅਮਰੀਕ ਸਿੰਘ ਦੀ ਪਤਨੀ ਨੇ ਸਾਲ 1996 ਵਿੱਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ। ਇਸੇ ਦੌਰਾਨ ਪੰਜਾਬ ਵਿੱਚ ਪੁਲਿਸ ਵੱਲੋਂ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਦਾ ਵੱਡੇ ਪੱਧਰ ‘ਤੇ ਸਸਕਾਰ ਕਰਨ ਦੇ ਮਾਮਲੇ ਦੀ ਜਾਂਚ ਲਈ ਵੀ ਸੁਪਰੀਮ ਕੋਰਟ ਨੇ CBI ਨੂੰ ਹੁਕਮ ਦਿੱਤੇ ਸਨ। ਇਸੇ ਜਾਂਚ ਦੇ ਘੇਰੇ ਵਿੱਚ ਅਮਰੀਕ ਸਿੰਘ ਸਾਕਰੀ ਦੇ ਲਾਪਤਾ ਹੋਣ ਦਾ ਮਾਮਲਾ ਵੀ ਆ ਗਿਆ।
ਇਹ ਵੀ ਪੜ੍ਹੌ : ਸਕੂਲੀ ਬੱਚਿਆਂ ਦੀਆਂ ਲੱਗੀਆਂ ਮੌਜਾਂ, 23 ਨਵੰਬਰ ਤੱਕ ਸਕੂਲ ਰਹਿਣਗੇ ਬੰਦ
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ CBI ਨੇ ਸਾਲ 2000 ਵਿੱਚ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਅਤੇ ਸਾਲ 2001 ਵਿੱਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ। ਇਸ ਚਾਰਜਸ਼ੀਟ ਵਿੱਚ ਤਤਕਾਲੀ ਡੀਐੱਸਪੀ ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ, ਸਬ-ਇੰਸਪੈਕਟਰ ਸੁਰਿੰਦਰ ਸਿੰਘ, ਸਿਪਾਹੀ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏਐੱਸਆਈ ਜਸਵੰਤ ਸਿੰਘ ਸਮੇਤ ਹੋਰਾਂ ਦੇ ਨਾਮ ਸ਼ਾਮਲ ਸਨ। 34 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਹੋਰਾਂ ਨੇ ਅਦਾਲਤੀ ਫੈਸਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ, ਅਮਰੀਕ ਸਿੰਘ ਸਾਕਰੀ ਦਾ ਅੱਜ ਤੱਕ ਕੋਈ ਪਤਾ ਨਹੀਂ ਲੱਗ ਸਕਿਆ।

