Amritsar News : ਸਿੱਖ ਪੰਥ ਦੀ ਸਭ ਤੋਂ ਵੱਡੀ ਧਾਰਮਿਕ ਅਤੇ ਪ੍ਰਬੰਧਕੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ 20 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਾ ਹੋਣਾ ਸਿੱਖ ਕੌਮ ਦੇ ਜਮਹੂਰੀ ਅਤੇ ਧਾਰਮਿਕ ਅਧਿਕਾਰਾਂ ਨਾਲ ਜੁੜਿਆ ਵੱਡਾ ਮਸਲਾ ਹੈ। ਇਸ ਲਈ ਸਿੱਖ ਸੰਗਤਾਂ ਅਤੇ ਪੰਥਕ ਸੋਚ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸੰਸਥਾ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਲੰਬੇ ਸੰਘਰਸ਼ਾਂ ਸਦਕਾ ਹੋਂਦ ਵਿੱਚ ਆਈ ਸੀ। ਇੱਕ ਸਮਾਂ ਸੀ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਰੁਤਬਾ ਇੰਨਾ ਉੱਚਾ ਹੁੰਦਾ ਸੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੀ ਉਨ੍ਹਾਂ ਦੇ ਵਿਚਾਰਾਂ ਅਤੇ ਰੋਸ ਨੂੰ ਗੰਭੀਰਤਾ ਨਾਲ ਲੈਂਦੇ ਸਨ। ਉਨ੍ਹਾਂ ਮਾਸਟਰ ਤਾਰਾ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਦੋਂ ਮਾਸਟਰ ਤਾਰਾ ਸਿੰਘ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਸਾਹਮਣੇ ਪਾਰਲੀਮੈਂਟ ਨੇੜੇ ਧਰਨਾ ਲਗਾਇਆ ਸੀ ਤਾਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਖ਼ੁਦ ਉਨ੍ਹਾਂ ਕੋਲ ਪਹੁੰਚੇ ਅਤੇ ਦਰੀ ਉੱਤੇ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ। ਇਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਅਤੇ ਸੰਸਥਾ ਦੇ ਮਾਣ-ਸਨਮਾਨ ਦੀ ਮਿਸਾਲ ਸੀ।
ਇਹ ਵੀ ਪੜ੍ਹੌ : ਮੁੱਖ ਮੰਤਰੀ ਭਗਵੰਤ ਮਾਨ ਨੇ ਤੀਰਥ ਯਾਤਰਾ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ।
ਉਨ੍ਹਾਂ ਕਿਹਾ ਕਿ ਅੱਜ ਹਾਲਾਤ ਬਿਲਕੁਲ ਬਦਲ ਚੁੱਕੇ ਹਨ। ਬਾਹਰੀ ਤਾਕਤਾਂ ਦੀਆਂ ਸਾਜ਼ਿਸ਼ਾਂ ਦੇ ਨਾਲ-ਨਾਲ ਸੰਸਥਾ ਨੂੰ ਸਭ ਤੋਂ ਵੱਧ ਨੁਕਸਾਨ ਅੰਦਰੂਨੀ ਕਮਜ਼ੋਰੀਆਂ, ਪਰਿਵਾਰਵਾਦ ਅਤੇ ਨਿੱਜੀ ਹਿੱਤਾਂ ਕਾਰਨ ਪਹੁੰਚਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦਿੰਦੇ ਹਨ, ਜਿਸ ਕਾਰਨ ਸੰਸਥਾ ਵਿੱਚ ਲੋੜੀਂਦੇ ਸੁਧਾਰ ਨਹੀਂ ਹੋ ਰਹੇ। ਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਮੁਲਾਜ਼ਮਾਂ ਦੀਆਂ ਭਰਤੀਆਂ ਅਤੇ ਤਰੱਕੀਆਂ ਨੂੰ ਲੈ ਕੇ ਵੀ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਮੁਲਾਜ਼ਮ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੇ ਕਹਿਣ ਮੁਤਾਬਕ ਆਮ ਮੁਲਾਜ਼ਮਾਂ ਦੀਆਂ ਤਰੱਕੀਆਂ ਦੀ ਰਫ਼ਤਾਰ ਬਹੁਤ ਹੌਲੀ ਹੈ, ਜਦਕਿ ਪ੍ਰਭਾਵਸ਼ਾਲੀ ਪਰਿਵਾਰਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਕਥਿਤ ਤੌਰ ‘ਤੇ ਤੇਜ਼ੀ ਨਾਲ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਦੀ ਤੁਲਨਾ ਕਰਦਿਆਂ ਕਿਹਾ ਕਿ ਜਿੱਥੇ ਆਮ ਮੁਲਾਜ਼ਮਾਂ ਦੀ ਪ੍ਰਮੋਸ਼ਨ ਦੋ-ਤਿੰਨ ਦੀ ਰਫ਼ਤਾਰ ਨਾਲ ਹੁੰਦੀ ਹੈ, ਉੱਥੇ ਕੁਝ ਖ਼ਾਸ ਪਰਿਵਾਰਾਂ ਨਾਲ ਸਬੰਧਤ ਲੋਕਾਂ ਦੀਆਂ ਤਰੱਕੀਆਂ 120 ਦੀ ਰਫ਼ਤਾਰ ਨਾਲ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਭਰਤੀਆਂ ਅਤੇ ਤਰੱਕੀਆਂ ਵਿੱਚ ਕਿਸੇ ਤਰ੍ਹਾਂ ਦਾ ਪੱਖਪਾਤ ਜਾਂ ਬੇਨਿਯਮੀ ਤਾਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਕਈ ਅਹਿਮ ਤੱਥ ਸਾਹਮਣੇ ਆ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ 20 ਨਵੰਬਰ ਨੂੰ ਹੋਣ ਵਾਲੇ ਇਜਲਾਸ ਵਿੱਚ ਸ਼ਾਮਲ ਨਾ ਹੋਣ ਦੇ ਫ਼ੈਸਲੇ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰੋਧੀ ਵਿਚਾਰ ਰੱਖਣ ਵਾਲੇ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਮੌਕਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਬੀਬੀ ਕਿਰਨਜੋਤ ਕੌਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਈ ਵਾਰ ਮੈਂਬਰਾਂ ਨੂੰ ਬੋਲਣ ਦਾ ਸਮਾਂ ਤੱਕ ਨਹੀਂ ਦਿੱਤਾ ਜਾਂਦਾ।
ਇਹ ਵੀ ਪੜ੍ਹੌ : ਪੰਜਾਬ ਦੀਆਂ ਮੰਡੀਆਂ ‘ਚ 185.26 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ, 41,972 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਪਾਏ: ਲਾਲ ਚੰਦ ਕਟਾਰੂਚੱਕ
ਉਨ੍ਹਾਂ ਜਥੇਦਾਰ ਮਿੱਠੂ ਸਿੰਘ ਕਾਨੇਕੇ ਦਾ ਮਾਮਲਾ ਵੀ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਮੀਟਿੰਗਾਂ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਅਨੁਸਾਰ ਜਥੇਦਾਰ ਮਿੱਠੂ ਸਿੰਘ ਵੱਲੋਂ ਆਪਣਾ ਪੱਖ ਰੱਖਣ ਅਤੇ ਰੋਕ ਹਟਾਉਣ ਲਈ ਪਹਿਲਾਂ ਹੀ ਅਰਜ਼ੀ ਦਿੱਤੀ ਗਈ ਸੀ, ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਮੈਂਬਰਾਂ ਦੇ ਜਮਹੂਰੀ ਹੱਕ ਹੀ ਸੁਰੱਖਿਅਤ ਨਹੀਂ ਹਨ ਤਾਂ ਅਜਿਹੇ ਇਜਲਾਸ ਵਿੱਚ ਸ਼ਾਮਲ ਹੋਣ ਦਾ ਕੀ ਲਾਭ ਹੈ। ਇਸੇ ਕਾਰਨ ਉਨ੍ਹਾਂ ਦੀ ਸੀਨੀਅਰ ਲੀਡਰਸ਼ਿਪ ਨੇ 20 ਨਵੰਬਰ ਨੂੰ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਵੇਰੇ 11 ਵਜੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿੱਚ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਭਾਈ ਮਨਜੀਤ ਸਿੰਘ, ਜਥੇਦਾਰ ਮਿੱਠੂ ਸਿੰਘ ਕਾਨੇਕੇ ਸਮੇਤ ਹੋਰ ਪੰਥਕ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਵੱਸਦੇ ਸਿੱਖ ਨੌਜਵਾਨਾਂ ਅਤੇ ਸੰਗਤਾਂ ਨੂੰ ਵੀ ਇਸ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਲਈ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਕਾਨੂੰਨੀ ਅੜਚਣਾਂ ਅਤੇ ਅਦਾਲਤੀ ਮਾਮਲਿਆਂ ਨੂੰ ਆਧਾਰ ਬਣਾ ਕੇ ਚੋਣਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਮਾਨਦਾਰੀ ਨਾਲ ਚੋਣਾਂ ਕਰਵਾਉਣਾ ਚਾਹੇ ਤਾਂ ਇਨ੍ਹਾਂ ਰੁਕਾਵਟਾਂ ਦਾ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਹਰਿਆਣਾ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਅਦਾਲਤ ਵਿੱਚ ਦਾਇਰ ਕੀਤੇ ਗਏ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਨ ਵੀ ਚੋਣ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਸੂਬੇ ਵਿੱਚ 15-15 ਸਾਲ ਤੱਕ ਵਿਧਾਨ ਸਭਾ ਜਾਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਹੋਣ ਤਾਂ ਕੀ ਉੱਥੇ ਲੋਕਤੰਤਰ ਮਜ਼ਬੂਤ ਰਹਿ ਸਕਦਾ ਹੈ? ਇਸੇ ਤਰ੍ਹਾਂ ਕਿਸੇ ਧਾਰਮਿਕ ਅਤੇ ਜਮਹੂਰੀ ਸੰਸਥਾ ਦੀਆਂ ਚੋਣਾਂ ਲੰਬੇ ਸਮੇਂ ਤੱਕ ਨਾ ਕਰਵਾਉਣਾ ਵੀ ਉਸ ਨੂੰ ਕਮਜ਼ੋਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਇਜਲਾਸ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਚੋਣਾਂ ਕਰਵਾਉਣ ਦੀ ਮੰਗ ਰੱਖਣੀ ਚਾਹੀਦੀ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਅਪੀਲ ਕੀਤੀ ਕਿ ਪੰਥ ਨੂੰ ਸਮਰਪਿਤ ਮੈਂਬਰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੰਸਥਾ ਦੀ ਮਜ਼ਬੂਤੀ ਲਈ ਅੱਗੇ ਆਉਣ।
ਇਹ ਵੀ ਪੜ੍ਹੌ : ਬੰਦ ਹੱਥਕੜੀਆਂ ਵਿਚਾਲੇ ਅੰਮ੍ਰਿਤਪਾਲ, ਸਿੰਘ ਦੇ ਚਾਚਾ ਪਹੁੰਚੇ ਜੱਦੀ ਪਿੰਡ
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਮੌਜੂਦਾ ਅਕਾਲੀ ਸਿਆਸਤ ਅਤੇ ਵੱਖ-ਵੱਖ ਆਗੂਆਂ ਦੇ ਪਾਰਟੀਆਂ ਵਿੱਚ ਆਉਣ-ਜਾਣ ਬਾਰੇ ਵੀ ਆਪਣੀ ਰਾਏ ਰੱਖੀ। ਉਨ੍ਹਾਂ ਕਿਹਾ ਕਿ ਕੁਝ ਆਗੂ ਸਿਆਸੀ ਲਾਭ ਅਤੇ ਸੱਤਾ ਦੀ ਪ੍ਰਾਪਤੀ ਲਈ ਵਾਰ-ਵਾਰ ਆਪਣੇ ਸਿਆਸੀ ਫ਼ੈਸਲੇ ਬਦਲਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਆਪਣੀ ਵਿਚਾਰਧਾਰਾ ਅਤੇ ਸਿਧਾਂਤ ਹੁੰਦੇ ਹਨ, ਪਰ ਜਦੋਂ ਆਗੂ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਜਾਂਦੇ ਹਨ ਤਾਂ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਉਨ੍ਹਾਂ ਦੀ ਵਿਚਾਰਧਾਰਾ ਕਿਵੇਂ ਬਦਲ ਜਾਂਦੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਨਾਲ ਸੰਭਾਵਿਤ ਸਿਆਸੀ ਸਮਝੌਤੇ ਦੀਆਂ ਚਰਚਾਵਾਂ ਬਾਰੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਅਸਲ ਵਿੱਚ ਕਦੇ ਪੂਰੀ ਤਰ੍ਹਾਂ ਟੁੱਟਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੁਝ ਆਗੂ ਪਹਿਲਾਂ ਕਿਸੇ ਸਿਆਸੀ ਧਿਰ ਦੇ ਨਾਲ ਰਹਿ ਕੇ ਵੀ ਦੂਜੀ ਧਿਰ ਲਈ ਕੰਮ ਕਰਦੇ ਰਹੇ ਹਨ ਤਾਂ ਉਨ੍ਹਾਂ ਨੂੰ ਜਨਤਕ ਤੌਰ ‘ਤੇ ਵੱਖ ਕਰਨ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਸੱਤਾ ਦੀ ਲਾਲਸਾ ਵਿੱਚ ਪਾਰਟੀਆਂ ਬਦਲਣ ਵਾਲੇ ਆਗੂਆਂ ਨੂੰ ਲੋਕਾਂ ਸਾਹਮਣੇ ਆਪਣੀ ਵਿਚਾਰਧਾਰਾ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਸਮੇਂ ਭਾਵੇਂ ਸਿਆਸੀ ਤੌਰ ‘ਤੇ ਕਮਜ਼ੋਰ ਨਜ਼ਰ ਆ ਰਹੀ ਹੋਵੇ, ਪਰ ਜਥੇਬੰਦਕ ਪ੍ਰਕਿਰਿਆ ਅਤੇ ਪਾਰਟੀ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ ਹੈ। ਅੰਤ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡਾ ਗੱਠਜੋੜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਸਾਹਿਬ ਨਾਲ ਹੈ। ਉਨ੍ਹਾਂ ਕਿਹਾ ਕਿ ਸਿਆਸੀ ਗੱਠਜੋੜ ਬਣਦੇ ਅਤੇ ਟੁੱਟਦੇ ਰਹਿੰਦੇ ਹਨ, ਪਰ ਸਿੱਖ ਪੰਥ ਦੀਆਂ ਸੰਸਥਾਵਾਂ ਅਤੇ ਸਿਧਾਂਤਾਂ ਨਾਲ ਜੁੜਿਆ ਰਿਸ਼ਤਾ ਕਦੇ ਨਹੀਂ ਟੁੱਟਣਾ ਚਾਹੀਦਾ। ਉਨ੍ਹਾਂ ਮੁੜ ਅਪੀਲ ਕੀਤੀ ਕਿ 20 ਨਵੰਬਰ ਨੂੰ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਨੂੰ ਬੁਲੰਦ ਕੀਤਾ ਜਾਵੇ।

