ਬੀਬੀ ਜਗੀਰ ਕੌਰ ਦੀ ਘਰ ਵਾਪਸੀ! ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ!

raajan tiwari
4 Min Read

Punjab News : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡਾ ਸਿਆਸੀ ਧਮਾਕਾ ਹੋਇਆ ਹੈ… ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਦੂਰ ਚੱਲ ਰਹੀ ਸੀਨੀਅਰ ਆਗੂ ਅਤੇ ਐੱਸ.ਜੀ.ਪੀ.ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁੜ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ।ਪਰ ਇਹ ਸਿਰਫ਼ ਪਾਰਟੀ ਵਿੱਚ ਘਰ ਵਾਪਸੀ ਨਹੀਂ, ਸਗੋਂ ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਵੱਡੀ ਜ਼ਿੰਮੇਵਾਰੀ ਵੀ ਸੌਂਪ ਦਿੱਤੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਸਿਆਸੀ ਘਟਨਾਕ੍ਰਮ ਨੂੰ ਦੋਆਬਾ ਖੇਤਰ ਵਿੱਚ ਅਕਾਲੀ ਦਲ ਦੀ ਵੱਡੀ ਰਣਨੀਤਕ ਚਾਲ ਵਜੋਂ ਦੇਖਿਆ ਜਾ ਰਿਹਾ ਹੈ।ਦਰਅਸਲ, ਹਲਕਾ ਭੁਲੱਥ ਦੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਰਹੇ। ਬੀਬੀ ਜਗੀਰ ਕੌਰ ਦੀ ਵਾਪਸੀ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਹਲਕਾ ਭੁਲੱਥ ਦਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ। ਇਸ ਸਬੰਧੀ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਆਪਣੀ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਦੋਆਬਾ ਖੇਤਰ ਵਿੱਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।

ਇਹ ਵੀ ਪੜ੍ਹੌ :  SGPC ਦੀਆਂ ਚੋਣਾਂ ਨਾ ਕਰਵਾਉਣਾ ਸਿੱਖਾਂ ਦੇ ਜਮਹੂਰੀ ਹੱਕਾਂ ‘ਤੇ ਡਾਕਾ, 20 ਨਵੰਬਰ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਹੋਵੇਗਾ ਰੋਸ ਪ੍ਰਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੀ ਅਗਵਾਈ ਅਤੇ ਕੰਮਕਾਜ ਨੂੰ ਲੈ ਕੇ ਮਤਭੇਦਾਂ ਕਾਰਨ ਵੱਖ ਹੋ ਗਏ ਸਨ। ਇਸ ਦੌਰਾਨ ਉਹ ਬਾਗ਼ੀ ਅਕਾਲੀ ਧੜੇ ਨਾਲ ਜੁੜੇ ਰਹੇ। ਪਰ ਹੁਣ ਉਨ੍ਹਾਂ ਦੀ ਵਾਪਸੀ ਨੂੰ ਅਕਾਲੀ ਦਲ ਵੱਲੋਂ ਆਪਣੇ ਪੁਰਾਣੇ ਆਗੂਆਂ ਅਤੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਕੋਸ਼ਿਸ਼ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਦੂਰਅੰਦੇਸ਼ ਨੇਤਾ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਭੈਣ ਦੱਸਦਿਆਂ ਉਨ੍ਹਾਂ ਦੀ ‘ਨੰਨ੍ਹੀ ਛਾਂ’ ਮੁਹਿੰਮ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਹਰ ਖੇਤਰ ਵਿੱਚ ਵਿਕਾਸ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਉਨ੍ਹਾਂ ਮੌਜੂਦਾ ਸਰਕਾਰ ‘ਤੇ 6 ਹਜ਼ਾਰ ਕਰੋੜ ਰੁਪਏ ਇਸ਼ਤਿਹਾਰਬਾਜ਼ੀ ‘ਤੇ ਖ਼ਰਚ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਕਈ ਸਮਾਜ ਭਲਾਈ ਸਕੀਮਾਂ ਨੂੰ ਮੌਜੂਦਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਜਗੀਰ ਕੌਰ ਦਾ ਸਾਥ ਦੇਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ। ਕੁੱਲ ਮਿਲਾ ਕੇ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੇ ਦੋਆਬਾ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਉਨ੍ਹਾਂ ਦੀ ਵਾਪਸੀ ਨਾਲ ਭੁਲੱਥ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਕਾਲੀ ਦਲ ਨੂੰ ਕਿੰਨਾ ਸਿਆਸੀ ਫਾਇਦਾ ਮਿਲਦਾ ਹੈ।

Share This Article
1 Comment