America News : ਅਮਰੀਕਾ ਤੋਂ ਪੰਜਾਬ ਤੱਕ ਅਪਰਾਧਿਕ ਜਗਤ ਵਿੱਚ ਵੱਡੀ ਹਲਚਲ… ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਵੀ ਚਰਚਾ ਵਿੱਚ ਰਹਿ ਚੁੱਕੇ ਗੋਲਡੀ ਬਰਾੜ ਨੂੰ ਲੈ ਕੇ ਅਮਰੀਕਾ ਦੀ ਸਭ ਤੋਂ ਵੱਡੀ ਜਾਂਚ ਏਜੰਸੀ FBI ਨੇ ਵੱਡਾ ਕਦਮ ਚੁੱਕਿਆ ਹੈ। ਐਫ.ਬੀ.ਆਈ. ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ 10 Most Wanted Fugitives ਯਾਨੀ 10 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਇੰਨਾ ਹੀ ਨਹੀਂ, ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਲਈ FBI ਵੱਲੋਂ 10 ਲੱਖ ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ। ਦਰਅਸਲ, FBI ਮੁਤਾਬਕ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਦਾ ਕਥਿਤ ਉੱਤਰੀ ਅਮਰੀਕੀ ਆਗੂ ਹੈ। ਇਹ ਗਰੁੱਪ ਅੰਤਰਰਾਸ਼ਟਰੀ ਪੱਧਰ ‘ਤੇ ਅਪਰਾਧਿਕ ਗਤੀਵਿਧੀਆਂ ਚਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। FBI ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਗਰੁੱਪ ‘ਤੇ ਅਮਰੀਕਾ ਅਤੇ ਕੈਨੇਡਾ ਸਮੇਤ ਕਈ ਦੇਸ਼ਾਂ ਵਿੱਚ ਕਤਲ, ਗੋਲੀਬਾਰੀ, ਅਗਵਾ, ਫਿਰੌਤੀ, ਮਨੁੱਖੀ ਤਸਕਰੀ ਅਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। FBI ਨੇ ਇਹ ਵੀ ਕਿਹਾ ਹੈ ਕਿ ਇਸ ਗਰੁੱਪ ਦੀਆਂ ਗਤੀਵਿਧੀਆਂ ਕਾਰਨ ਵਿਦੇਸ਼ਾਂ ਵਿੱਚ ਵੱਸਦੇ ਭਾਰਤੀ ਭਾਈਚਾਰੇ ਨੂੰ ਵੀ ਪ੍ਰਭਾਵਿਤ ਹੋਣਾ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ
ਹੁਣ ਗੱਲ ਕਰਦੇ ਹਾਂ ਗੋਲਡੀ ਬਰਾੜ ਖ਼ਿਲਾਫ਼ ਅਮਰੀਕਾ ਵਿੱਚ ਦਰਜ ਮਾਮਲਿਆਂ ਦੀ। ਜਾਣਕਾਰੀ ਮੁਤਾਬਕ, 1 ਜੁਲਾਈ ਨੂੰ ਲਾਸ ਏਂਜਲਸ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਉਸ ਖ਼ਿਲਾਫ਼ ਸੰਘੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਉਸ ‘ਤੇ RICO ਸਾਜ਼ਿਸ਼, ਫਿਰੌਤੀ ਰਾਹੀਂ ਵਪਾਰਕ ਗਤੀਵਿਧੀਆਂ ਵਿੱਚ ਦਖ਼ਲ ਦੇਣ ਦੀ ਸਾਜ਼ਿਸ਼ ਅਤੇ ਨਸ਼ੀਲੇ ਪਦਾਰਥਾਂ ਦੀ ਵੰਡ ਨਾਲ ਜੁੜੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਸਬੰਧੀ FBI ਲਾਸ ਏਂਜਲਸ ਦੇ ਸਹਾਇਕ ਨਿਰਦੇਸ਼ਕ ਪੈਟ੍ਰਿਕ ਗ੍ਰੈਂਡੀ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਉਸ ਦੀ ਕਥਿਤ ਹਿੰਸਕ ਅਪਰਾਧਿਕ ਗਤੀਵਿਧੀਆਂ ਦੇ ਆਧਾਰ ‘ਤੇ Most Wanted ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ FBI ਉਦੋਂ ਤੱਕ ਸੰਤੁਸ਼ਟ ਨਹੀਂ ਹੋਵੇਗੀ, ਜਦੋਂ ਤੱਕ ਉਸ ਨੂੰ ਗ੍ਰਿਫ਼ਤਾਰ ਕਰਕੇ ਅਮਰੀਕੀ ਅਦਾਲਤ ਵਿੱਚ ਮੁਕੱਦਮੇ ਦਾ ਸਾਹਮਣਾ ਨਹੀਂ ਕਰਵਾਇਆ ਜਾਂਦਾ। ਦੱਸ ਦਈਏ ਕਿ FBI ਵੱਲੋਂ Operation Hard Ball ਦੇ ਤਹਿਤ ਭਾਰਤੀ ਅਪਰਾਧਿਕ ਗਰੁੱਪਾਂ ਖ਼ਿਲਾਫ਼ ਲੰਮੇ ਸਮੇਂ ਤੋਂ ਜਾਂਚ ਕੀਤੀ ਜਾ ਰਹੀ ਸੀ।
ਇਸ ਕਾਰਵਾਈ ਦੌਰਾਨ ਗੋਲਡੀ ਬਰਾੜ ਦੇ ਕਈ ਕਥਿਤ ਸਹਿ-ਸਾਜ਼ਿਸ਼ਕਰਤਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਜਾਂਚ ਦਾ ਸਬੰਧ ਕਥਿਤ ਗੈਰ-ਕਾਨੂੰਨੀ ਵਸੂਲੀ, ਨਿਸ਼ਾਨਾ ਬਣਾ ਕੇ ਕਤਲ, ਗੋਲੀਬਾਰੀ, ਫਿਰੌਤੀ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਵਰਗੇ ਅਪਰਾਧਾਂ ਨਾਲ ਹੈ। FBI ਮੁਤਾਬਕ ਲਾਰੈਂਸ ਬਿਸ਼ਨੋਈ ਗਰੁੱਪ ਦਾ ਨੈੱਟਵਰਕ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਬ੍ਰਿਟੇਨ, ਯੂਰਪ ਅਤੇ ਆਸਟ੍ਰੇਲੀਆ ਤੱਕ ਫੈਲਿਆ ਹੋਇਆ ਹੈ।ਆਖ਼ਰ ਵਿੱਚ FBI ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਗੋਲਡੀ ਬਰਾੜ ਨਾਲ ਕਿਸੇ ਵੀ ਤਰ੍ਹਾਂ ਦਾ ਸਿੱਧਾ ਸੰਪਰਕ ਨਾ ਕੀਤਾ ਜਾਵੇ।ਜੇਕਰ ਕਿਸੇ ਕੋਲ ਉਸ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਆਪਣੇ ਨਜ਼ਦੀਕੀ FBI ਦਫ਼ਤਰ, ਅਮਰੀਕੀ ਦੂਤਾਵਾਸ ਜਾਂ FBI ਦੇ ਅਧਿਕਾਰਤ ਨੰਬਰ 1-800-CALL-FBI ‘ਤੇ ਸੰਪਰਕ ਕਰ ਸਕਦੇ ਹਨ।FBI ਨੇ ਭਰੋਸਾ ਦਿੱਤਾ ਹੈ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਫਿਲਹਾਲ ਗੋਲਡੀ ਬਰਾੜ ਨੂੰ ਅਮਰੀਕਾ ਦੀਆਂ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ ‘ਤੇ ਉਸ ਦੀ ਭਾਲ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

