ਸੰਗਰੂਰ : ਲੋਕ ਸਭਾ ਚੋਣਾਂ ਵਿੱਚ ਜਿੱਥੇ ਬੇਅਦਬੀ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਦਿਨ-ਬ-ਦਿਨ ਸ਼੍ਰੋਮਣੀ ਅਕਾਲੀ ਦਲ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਇਸੇ ਦੌਰਾਨ ਜ਼ਿਲ੍ਹਾ ਸੰਗਰੂਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆ ਰਹੀ ਹੈ। ਅੱਜ ਯਾਨੀ ਐਤਵਾਰ ਨੂੰ ਹਲਕਾ ਮਲੇਰਕੋਟਲਾ ‘ਚ ਪੈਦੇਂ ਪਿੰਡ ਹਥੋਆ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਜਿੰਦਾ ਤੋੜ ਕੇ ਸਰੂਪ ਅਗਨ ਭੇਂਟ ਕੀਤੇ ਜਾਣ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਇਸ ਘਟਨਾ ਬਾਰੇ ਪਤਾ ਲਗਦਿਆ ਹੀ ਗੁਰਦੁਆਰਾ ਸਾਹਿਬ ਦੇ ਪਾਠੀ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ।
ਇਸ ਘਟਨਾ ਬਾਰੇ ਬੋਲਦਿਆਂ ਪਿੰਡ ਵਾਸੀਆ ਨੇ ਕਿਹਾ ਕਿ ਇਹ ਬਹੁਤ ਮੰਦ ਭਾਗੀ ਘਟਨਾਂ ਹੈ, ਅਤੇ ਜਿਸ ਨੇ ਵੀ ਇਹ ਕੰਮ ਕੀਤਾ ਹੈ ਉਸ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਸਬੰਧੀ ਬੋਲਦਿਆਂ ਇੱਕ ਸਥਾਨਕ ਨਿਵਾਸੀ ਨੇ ਕਿਹਾ ਕਿ ਸਾਨੂੰ ਇਸ ਘਟਨਾ ਦਾ ਬੜਾ ਹੀ ਦੁੱਖ ਹੈ ਕਿਉਂਕਿ ਗੁਰੂ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ ਹਨ। ਉਨ੍ਹਾਂ ਕਿਹਾ ਕਿ,”ਅਸੀਂ ਇੰਨੇ ਨੀਵੇਂ ਚਲੇ ਗਏ ਹਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਪੂਰੇ ਜਗਤ ਦੇ ਗੁਰੂ ਹਨ ਜਿੱਥੋਂ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਦਿੱਤਾ ਜਾਂਦਾ ਹੈ ਉਨ੍ਹਾਂ ਨਾਲ ਵੀ ਇਸ ਕਿਸਮ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਇਸ ਬਾਰੇ ਪੁਲਿਸ ਜਾਂਚ ਅਧਿਕਾਰੀ ਨੇ ਕਿਹਾ ਹੈ, ਕਿ ਪੁਲਿਸ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ‘ਤੇ ਦੋਸ਼ੀਆ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਧਰ ਇਸ ਮੌਕੇ ਪਹੁੰਚੇ ਆਈਜੀ ਏ.ਐਸ.ਰਾਏ. ਨੇ ਜਾਂਚ ਸ਼ੁਰੂ ਕਰਵਾ ਦਿੱਤੀ ਹੈ, ਤੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗੀ ਘਟਨਾ ਦੱਸਿਆ ਹੈ ਅਤੇ ਕਿਹਾ ਕਿ ਕਿਸੇ ਨੇ ਜਾਣ ਬੁੱਝ ਕੇ ਤਾਲਾ ਤੋੜ ਕੇ ਗੁਰੂ ਘਰ ਅੰਦਰ ਦਾਖ਼ਲ ਹੋ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
https://youtu.be/nkkjG2a0xEY