ਅੰਮ੍ਰਿਤਸਰ : ਸੂਬੇ ਅੰਦਰ ਬੀਤੇ ਦਿਨੀਂ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਨੇ ਜਿੱਥੇ ਭਾਰੀ ਨੁਕਸਾਨ ਕੀਤਾ ਉੱਥੇ ਹੀ ਵਿਰੋਧੀ ਪਾਰਟੀਆਂ ਲਗਾਤਾਰ ਇਸ ਨੂੰ ਲੈ ਕੇ ਸੱਤਾਧਾਰੀਆਂ ਨੂੰ ਨਿਸ਼ਾਨੇਂ ‘ਤੇ ਲੈ ਰਹੀਆਂ ਹਨ। ਇਸੇ ਲੜੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਾਂ ਹੜ੍ਹਾਂ ਲਈ ਜਿੰਮੇਵਾਰ ਹੀ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਠਹਿਰਾ ਦਿੱਤਾ ਹੈ।
ਸੁਖਬੀਰ ਬਾਦਲ ਨੇ ਹੜ੍ਹਾਂ ਲਈ ਕਾਂਗਰਸ ਸਰਕਾਰ ਨੂੰ ਜਿੰਮੇਵਾਰ ਦਸਦਿਆਂ ਦੋਸ਼ ਲਾਇਆ ਕਿ ਜਿਹੜੇ ਲੋਕ ਹੜ੍ਹ ਪੀੜਤ ਹਨ ਉਨ੍ਹਾਂ ਲਈ 6 ਸੌ ਕਰੋੜ ਰੁਪਏ ਦੀ ਧਨ ਰਾਸ਼ੀ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਹੈ ਤੇ ਪੰਜਾਬ ਸਰਕਾਰ ਨੂੰ ਪਹਿਲਾਂ ਉਹ ਰਾਸ਼ੀ ਖਰਚਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਹੜ੍ਹਾਂ ਦੀ ਸਥਿਤੀ ਇਸ ਲਈ ਬਣੀ ਕਿਉਂਕਿ ਸੂਬੇ ਅੰਦਰ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਾਜਾਇਜ਼ ਮਾਈਨਿੰਗ ਧੜ੍ਹਾ ਧੜ੍ਹ ਵਧਦੀ ਜਾ ਰਹੀ ਹੈ ਤੇ ਮੁੱਖ ਮੰਤਰੀ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ।