ਨਕੋਦਰ : ਖ਼ਬਰ ਹੈ ਕਿ ਨਕੋਦਰ ਰੋਡ ‘ਤੇ ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਜਾ ਰਹੀ ਪ੍ਰਸਿੱਧ ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੋ਼ਂ ਆ ਰਹੇ ਇੱਕ ਟਿੱਪਰ ਨੇ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਪਤਾ ਲੱਗਾ ਹੈ ਕਿ ਸਥਾਨਕ ਪੁਲਿਸ ਨੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਦੱਸ ਦਈਏ ਕਿ ਇਹ ਘਟਨਾ ਬੀਤੀ ਕੱਲ੍ਹ ਦੁਪਿਹਰ ਵਾਪਰੀ ਸੀ। ਜਦੋਂ ਸਲੀਮ ਦੇ ਭਰਾ ਪ੍ਰਵੀਨ ਦੀ ਪਤਨੀ ਪਰਵੇਜ ਆਪਣੇ ਪਿਤਾ ਮਨੋਹਰ ਲਾਲ ਨਾਲ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਹਸਪਤਾਲ ਵੱਲ ਜਾ ਰਹੀ ਸੀ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਕਿਸੇ ਅਣਜਾਣ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪਰਵੇਜ਼ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਇਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਵਿੱਚ ਇਲਾਜ਼ ਲਈ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ਼ ਦੌਰਾਨ ਪਰਵੇਜ਼ ਨੇ ਦਮ ਤੋੜ ਦਿੱਤਾ। ਸਥਾਨਕ ਐਸਐਚਓ ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਜਲਦ ਤੋਂ ਜਲਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।