ਨਵੀਂ ਦਿੱਲੀ : ਕਸ਼ਮੀਰ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿਚਕਾਰ ਹੀ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਤੋਂ ਬਾਅਦ ਦੇਸ਼ਾਂ ਵਿਚਕਾਰ ਵਪਾਰਕ ਸਾਂਝ ਵੀ ਟੁੱਟ ਚੁਕੀ ਹੈ। ਹੁਣ ਖ਼ਬਰ ਹੈ ਕਿ ਪਾਕਿਸਤਾਨ ਵੱਲੋਂ ਭਾਰਤ ਸਰਕਾਰ ਦੀ ਉਸ ਮੰਗ ਨੂੰ ਵੀ ਠੁਕਰਾ ਦਿੱਤਾ ਗਿਆ ਹੈ ਜਿਸ ਤਹਿਤ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਹਾਜ ਪਾਕਿਸਤਾਨ ਦੇ ਹਵਾਈ ਰਸਤੇ ਰਾਹੀਂ ਲੰਘਣਾ ਸੀ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 21 ਸਤੰਬਰ ਨੂੰ ਅਮਰੀਕਾ ਦੌਰੇ ਲਈ ਜਾ ਰਹੇ ਹਨ ਤੇ ਇਸ ਲਈ ਪਾਕਿਸਤਾਨ ਸਰਕਾਰ ਨੂੰ ਇਹ ਮੰਗ ਕੀਤੀ ਗਈ ਸੀ ਕਿ ਉਹ ਆਪਣਾ ਹਵਾਈ ਖੇਤਰ ਦੀ ਵਰਤੋ ਕਰਨ ਦੀ ਮਨਜ਼ੂਰੀ ਦੇਣ ਪਰ ਪਤਾ ਲੱਗਿਆ ਹੈ ਕਿ ਪਾਕਿਸਤਾਨ ਸਰਕਾਰ ਨੇ ਇਸ ਮੰਗ ਨੂੰ ਠੁਕਰਾ ਦਿੱਤਾ ਹੈ। ਇਹ ਵੀ ਖਬਰਾਂ ਹਨ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਜਹਾਜ਼ ਨੂੰ ਵੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਕਿ ਉਨ੍ਹਾਂ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਈ ਜਹਾਜ਼ ਲਈ ਰਸਤਾ ਦੇਣ ਦੀ ਮੰਗ ਕੀਤੀ ਗਈ ਸੀ ਜਿਹੜੀ ਕਿ ਉਨ੍ਹਾਂ ਨੇ ਠੁਕਰਾ ਦਿੱਤੀ ਹੈ। ਇਸ ਲਈ ਉਨ੍ਹਾਂ ਨੇ ਕਸ਼ਮੀਰ ਮੁੱਦੇ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਨੇ ਇਹ ਮਨਜ਼ੂਰੀ ਨਾ ਦੇਣ ਦਾ ਫੈਸਲਾ ਲਿਆ ਹੈ।
ਇੱਧਰ ਦੂਜੇ ਪਾਸੇ ਪਾਕਿ ਵੱਲੋਂ ਇਹ ਮਨਜ਼ੂਰੀ ਨਾ ਦੇਣ ‘ਤੇ ਭਾਰਤ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਭਾਰਤੀ ਵਿਦੇਸ਼ੀ ਮੰਤਰਾਲਿਆ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿ ਵੱਲੋਂ ਇੱਕ ਹਫਤੇ ਅੰਦਰ ਦੋ ਵਾਰ ਵੀਵੀਆਈਪੀ ਜਹਾਜ਼ ਨੂੰ ਰਸਤਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਅਜਿਹਾ ਕਰਕੇ ਪਾਕਿ ਵੱਲੋਂ ਅੰਤਰਰਾਸ਼ਟਰੀ ਨਿਯਮਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ।
ਪਾਕਿਸਤਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਲਈ ਨਹੀਂ ਦਿੱਤਾ ਰਸਤਾ, ਕਹਿ ਦਿੱਤੀ ਵੱਡੀ ਗੱਲ

Leave a Comment
Leave a Comment