ਚੰਡੀਗੜ੍ਹ : ਪੰਜਾਬ ਵਿੱਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ ਅਤੇ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਚੋਣਾਂ ਦੇ ਇਸ ਮਾਹੌਲ ਵਿੱਚ ਬੇਅਦਬੀ ਮਾਮਲਿਆਂ ਦਾ ਮਾਮਲਾ ਇੱਕ ਵਾਰ ਫਿਰ ਪੂਰੇ ਜੋਰਾਂ ਸ਼ੋਰਾਂ ਨਾਲ ਭਖ ਗਿਆ ਹੈ। ਦਰਅਸਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਬਾਦਲਾਂ ਨੂੰ ਕੋਈ ਵੀ ਕਲੀਨ ਚਿੱਟ ਨਹੀਂ ਦਿੱਤੀ, ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਿਹਾ ਸੀ ਕਿ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖੁਦ ਨਹੀਂ ਕਰਦੇ ਪਰ ਇਸ ਗੱਲ ਤੋਂ ਇਹ ਸਾਬਤ ਨਹੀਂ ਹੋ ਜਾਂਦਾ ਕਿ ਉਨ੍ਹਾਂ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਬੋਲਦਿਆਂ ਇਹ ਵੀ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਬਾਦਲ ਵੀ ਉੰਨੇ ਹੀ ਜਿੰਮੇਵਾਰ ਹਨ ਜਿੰਨਾ ਕਿ ਬੇਅਦਬੀ ਕਰਨ ਵਾਲਾ ਮੁੱਖ ਦੋਸ਼ੀ। ਕੈਪਟਨ ਨੇ ਬੋਲਦਿਆਂ ਇਹ ਵੀ ਦੋਸ਼ ਲਾਇਆ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਅਪਰਾਧਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਅਤੇ ਉਨ੍ਹਾਂ ਨੇ ਦੋਸ਼ੀਆਂ ਨੂੰ ਵੀ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹੋਣ ਦੇ ਨਾ ਤੇ ਸੂਬੇ ਅੰਦਰ ਅਮਨ ਅਤੇ ਕਨੂੰਨ ਦੀ ਸਥਿਤੀ ਕਾਇਮ ਰੱਖਣਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਜੇਕਰ ਉਹ ਇਹ ਜਿੰਮੇਵਾਰੀ ਸਹੀ ਤਰ੍ਹਾਂ ਨਹੀਂ ਨਿਭਾਉਣਗੇ ਤਾਂ ਲੋਕ ਅਤੇ ਮੀਡੀਆ ਉਨ੍ਹਾਂ ‘ਤੇ ਵੀ ਇਲਜ਼ਾਮ ਲਗਾਉਣਗੇ।
ਦੱਸ ਦਈਏ ਕਿ ਬੀਤੇ ਦਿਨੀਂ ਮੀਡੀਆ ਦੇ ਇੱਕ ਫਿਰਕੇ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਸ ਗੰਭੀਰ ਮਾਮਲੇ ਵਿੱਚ ਜਦੋਂ ਤੱਕ ਕੇਸ ਦੀ ਗਹਿਰਾਈ ਨਾਲ ਜਾਂਚ ਪੂਰੀ ਨਹੀਂ ਹੋ ਜਾਂਦੀ ਉਸ ਸਮੇਂ ਤੱਕ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ।