ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਲਈ ਤਿਆਰੀਆਂ ਬੜੇ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਸਮਾਗਮ ਵੀ ਆਰੰਭ ਹੋ ਗਏ ਹਨ। ਇਨ੍ਹਾਂ ਸਮਾਗਮਾਂ ਦਾ ਅੱਜ ਪਹਿਲਾ ਦਿਨ ਸੀ ਅਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ ਹੋਇਆ।
ਦੱਸ ਦਈਏ ਕਿ ਇਸ ਮੌਕੇ ਸੰਗਤਾਂ ਇੰਨੀ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਕਿ ਉਨ੍ਹਾਂ ਨੂੰ ਮੱਥਾ ਟੇਕਣ ਲਈ ਵੀ ਲੰਬਾ ਸਮਾਂ ਆਪਣੀ ਵਾਰੀ ਦੀ ਉਡੀਕ ਕਰਨੀ ਪਈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾਂ ਨੂੰ ਯਾਦ ਕਰਦਿਆਂ ਅੱਜ ਪਿੰਡ ਭਰੋਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਵੀ ਸਜਾਇਆ ਗਿਆ।
ਇਸ ਨਗਰ ਕੀਰਤਨ ਦੌਰਾਨ ਰਬਾਬ, ਦਿਲਰੁਬਾ, ਸਰੰਦਾ ਆਦਿ ਤੰਤੀ ਸਾਜ਼ਾਂ ਨਾਲ ਵਿਦਿਆਰਥੀਆਂ ਵੱਲੋਂ ਮੂਲ ਮੰਤਰ ਦਾ ਉਚਾਰਨ ਕੀਤਾ ਗਿਆ। ਇਹ ਨਗਰ ਕੀਰਤਨ ਜਦੋਂ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ ਤਾਂ ਇੱਥੇ ਫੁੱਲਾਂ ਦੀ ਵਰਖਾ ਨਾਲ ਇਸ ਦਾ ਸਵਾਗਤ ਕੀਤਾ ਗਿਆ।