17 ਰਾਜਾਂ ਦੇ ਚੜ੍ਹਾਵੇ ਨਾਲ ਖੁੱਲ੍ਹਣਗੇ ਗੁਰੂ ਨਾਨਕ ਦੇਵ ਦੇ ਨਾਂ ‘ਤੇ ਸਕੂਲ

TeamGlobalPunjab
2 Min Read

550 ਸਾਲਾ ਪ੍ਰਕਾਸ਼ ਪੁਰਬ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਚੜ੍ਹਾਵੇ ਤੋਂ ਇਕੱਠੀ ਹੋਈ ਲੱਗਭਗ  ਦਸ ਕਰੋੜ ਰੁਪਏ ਦੀ ਰਾਸ਼ੀ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਯੋਜਨਾ ਉਲੀਕੀ ਗਈ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਾਕਿਸਤਾਨ ਵਿੱਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਸੀ ਜੋ ਦੇਸ਼ ਦੇ 17 ਰਾਜਾਂ ਵਿੱਚੋਂ ਹੁੰਦਾ ਹੋਇਆ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਪੂਰਨ ਹੋਇਆ ਸੀ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਅੱਗੇ ਭੇਟਾ ਕੀਤੇ ਚੜ੍ਹਾਵੇ ਤੋਂ ਕਰੀਬ 10 ਕਰੋੜ 13 ਲੱਖ 68 ਹਜ਼ਾਰ ਰੁਪਏ ਇਕੱਠੇ ਹੋਏ ਹਨ। ਜਦੋਂਕਿ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦਾ ਕੁੱਲ ਖਰਚਾ 1 ਕਰੋੜ 73 ਲੱਖ 4 ਹਜ਼ਾਰ ਰੁਪਏ ਆਇਆ ਦੱਸਿਆ ਗਿਆ ਹੈ। ਨਗਰ ਕੀਰਤਨ ਸਬ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਚੇਅਰਮੈਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਕੀਤੀ। ਮੀਟਿੰਗ ਵਿੱਚ ਨਗਰ ਕੀਰਤਨ ਦੌਰਾਨ ਇਕੱਠੇ ਹੋਏ ਚੜ੍ਹਾਵੇ ਅਤੇ ਖਰਚ ਦੇ ਵੇਰਵਿਆਂ ’ਤੇ ਵਿਚਾਰ ਚਰਚਾ ਹੋਈ।
ਸਮੂਹ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਫਾਰਸ਼ ਕੀਤੀ ਕਿ ਸੰਗਤ ਵੱਲੋਂ ਭੇਟ ਕੀਤੀ ਇਸ ਰਕਮ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰ ਵਜੋਂ ਗੁਰੂ ਸਾਹਿਬ ਦੇ ਨਾਂ ’ਤੇ ਵੱਖ ਵੱਖ ਜ਼ਿਲ੍ਹਿਆਂ ਵਿਚ ਸੰਗਤ ਦੇ ਸਹਿਯੋਗ ਨਾਲ ਵਧੀਆ ਸਕੂਲ ਖੋਲ੍ਹੇ ਜਾਣ। ਉਹਨਾਂ ਨੇ ਕਿਹਾ ਕਿ ਨਗਰ ਕੀਰਤਨ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੀ ਸਹਿਮਤੀ ਕਾਰਨ ਹੀ ਸੰਭਵ ਹੋਇਆ ਹੈ।
ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਸਕੱਤਰ ਨੇ ਰਿਪੋਰਟ ਪੇਸ਼ ਕੀਤੀ ਤੇ ਦੱਸਿਆ ਕਿ ਚੜ੍ਹਾਵੇ ਤੋਂ ਲਗਪਗ 10 ਕਰੋੜ 13 ਲੱਖ 68 ਹਜ਼ਾਰ 601 ਰੁਪਏ ਦੀ ਰਾਸ਼ੀ ਇਕੱਤਰ ਹੋਈ। ਨਗਰ ਕੀਰਤਨ ਤੇ ਖਰਚਾ ਲਗਪਗ ਇੱਕ ਕਰੋੜ 73 ਲੱਖ ਚਾਰ ਹਜ਼ਾਰ 444 ਰੁਪਏ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੰਗਤ ਵੱਲੋਂ ਸਤਿਕਾਰ ਵਜੋਂ ਸੋਨਾ, ਚਾਂਦੀ ਅਤੇ ਵਿਦੇਸ਼ੀ ਕਰੰਸੀ ਦਾ ਚੜ੍ਹਾਵਾ ਵੀ ਭੇਟ ਕੀਤਾ ਗਿਆ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦਾ ਸ਼ਲਾਘਾਯੋਗ ਕਦਮ ਹੈ।

ਅਵਤਾਰ ਸਿੰਘ

-ਸੀਨੀਅਰ ਪੱਤਰਕਾਰ

Share this Article
Leave a comment