ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ ਬੀਤੀ ਕੱਲ੍ਹ ਗੁਆਂਢੀ ਮੁਲਕ ਪਾਕਿਸਤਾਨ ਅੰਦਰ ਇੱਕ ਸਿੱਖ ਨੌਜਵਾਨ ਦੀ ਗੋਲੀਆਂ ਮਾਰ ਕੇ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਅੰਦਰ ਉਸ ਸਿੱਖ ਨੌਜਵਾਨ ਨੂੰ ਨਿਸ਼ਾਨਾ ਬਣਾਕੇ ਉਸ ਦਾ ਕਤਲ ਕੀਤਾ ਗਿਆ ਹੈ ਜਿਸ ਨਾਲ ਸਿੱਖ ਭਾਈਚਾਰੇ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆ ਹਨ ਤਾਂ ਸਹਿਮ ਦਾ ਮਾਹੌਲ ਹੋਰ ਵੀ ਵਧ ਜਾਂਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਸਿੱਖ ਕਿਧਰੇ ਵੀ ਸੁਰੱਖਿਅਤ ਨਹੀਂ ਲੱਗ ਰਹੇ ਨਾ ਹੀ ਹਿੰਦੁਸਾਤਨ ਅੰਦਰ ਅਤੇ ਨਾ ਹੀ ਪਾਕਿਸਤਾਨ ਅੰਦਰ।ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਗੁਰਦੁਆਰਾ ਸਾਹਿਬ ਨੂੰ ਲੈ ਕੇ ਗਲਤ ਟਿੱਪਣੀਆਂ ਕੀਤਾ ਜਾਣਾ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਵਾਪਰਨਾ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਤਾਂ ਕਿਸੇ ਤੋਂ ਵੀ ਕੋਈ ਉਮੀਦ ਨਹੀਂ ਹੈ ਕਿ ਉਹ ਸਾਨੂੰ ਇਨਸਾਫ ਦਿਵਾਏਗਾ।