ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਿਕ ਅਦਾਲਤ ਨੇ ਪ੍ਰਸ਼ਾਸਕ ਟ੍ਰਿਬਿਊਨਲ (ਕੈਟ) ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਡੀਜੀਪੀ ਦਿਨਕਰ ਗੁਪਤਾ ਨੇ ਕੈਟ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ ਵੱਲ ਰੁੱਖ ਕੀਤਾ ਸੀ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਅੱਜ ਡੀਜੀਪੀ ਦੇ ਫੈਸਲੇ ‘ਤੇ ਜਸਟਿਸ ਜਸਵੰਤ ਸਿੰਘ ਅਤੇ ਸੰਤ ਪ੍ਰਕਾਸ਼ ਦੀ ਬੈਂਚ ਵੱਲੋਂ ਸੁਣਵਾਈ ਕੀਤੀ ਗਈ। ਇਸ ਬੈਂਚ ਵੱਲੋਂ ਹੀ ਫਿਲਹਾਲ ਕੈਟ ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਗਈ ਹੈ। ਰਿਪੋਰਟਾਂ ਮੁਤਾਬਿਕ ਇਸ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੁਲਿਸ ਮੁਖੀ ਤੋਂ ਬਿਨਾਂ ਅਮਨ ਕਨੂੰਨ ਦੀ ਸਥਿਤੀ ਖਰਾਬ ਹੋ ਜਾਵੇਗੀ ਅਤੇ ਸੂਬੇ ਦੀ ਸੁਰੱਖਿਆ ਵੀ ਖਤਰੇ ‘ਚ ਪੈ ਜਾਵੇਗੀ। ਇਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਅਤੇ ਯੂ.ਪੀ.ਐਸ.ਸੀ. ਨੂੰ 26 ਫਰਵਰੀ ਤੱਕ ਐਫੀਡੇਵਿਟ ਦਾਖਲ ਕਰਕੇ ਨਿਯੁਕਤੀ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਹੋ ਕੇ ਸੀਨੀਅਰ ਪੁਲਿਸ ਅਧਿਕਾਰੀ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆ ਨੇ ਕੈਟ ‘ਚ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ 17 ਜਨਵਰੀ ਵਾਲੇ ਦਿਨ ਕੈਟ ਵੱਲੋਂ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਗਈ ਸੀ।