ਮਾਸਟਰ ਬਲਦੇਵ ਸਿੰਘ ਨੇ ਉਠਾਇਆ ਚੁੱਪ ਚੁਪੀਤੇ ਸਰਕਾਰੀ ਸਕੂਲ ਬੰਦ ਕਰਨ ਦਾ ਮੁੱਦਾ

TeamGlobalPunjab
2 Min Read

ਚੰਡੀਗੜ੍ਹ : ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਧਿਆਨ ਦਿਵਾਊ ਮਤੇ ਰਾਹੀਂ ਰਾਜ ਸਰਕਾਰ ਵੱਲੋਂ ਚੁੱਪ ਚੁਪੀਤੇ ਸਰਕਾਰੀ ਸਕੂਲ ਬੰਦ ਕਰਨ ਦਾ ਮੁੱਦਾ ਸਦਨ ‘ਚ ਉਠਾਇਆ।
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਨੇ 1300 ਦੇ ਕਰੀਬ ਸਰਕਾਰੀ ਪ੍ਰਾਇਮਰੀ ਸਕੂਲ ਚੁੱਪ-ਚਾਪ ਬੰਦ ਕਰ ਦਿੱਤੇ। ਜਿਸ ਕਾਰਨ ਸੂਬੇ ਦੇ ਬੱਚਿਆਂ ਦਾ ਭਵਿੱਖ ਹਨੇਰੇ ਵੱਲ ਧੱਕ ਦਿੱਤਾ ਹੈ ਅਤੇ ਸਰਕਾਰ ਦੇ ਇਸ ਕਦਮ ਨੂੰ ਬੇਰੁਜ਼ਗਾਰੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕਦਾ। ਜਿਸ ਕਾਰਨ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਬਦਲਣ ਦੀ ਮੰਗ ਕੀਤੀ। ਹਾਲਾਂਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 7 ਸਕੂਲ ਬੰਦ ਕਰਨ ਅਤੇ 105 ਦੇ ਕਰੀਬ ਸਕੂਲ ਦੂਸਰੇ ਸਕੂਲਾਂ ‘ਚ ਮਿਲਾਉਣ ਦੀ ਗੱਲ ਕਬੂਲ ਕੀਤੀ। ਸਪਲੀਮੈਂਟਰੀ ਸਵਾਲ ਦੌਰਾਨ ਮਾਸਟਰ ਬਲਦੇਵ ਸਿੰਘ ਨੇ ਸਕੂਲ ਮਰਜ਼ ਨੂੰ ਵੀ ਗ਼ਰੀਬਾਂ ਅਤੇ ਆਮ ਲੋਕਾਂ ਦੇ ਬੱਚਿਆਂ ਵਿਰੋਧੀ ਫ਼ੈਸਲਾ ਕਰਾਰ ਦਿੱਤਾ।
ਮਾਸਟਰ ਬਲਦੇਵ ਸਿੰਘ ਨੇ ਦਿੱਲੀ ਸਰਕਾਰ (ਕੇਜਰੀਵਾਲ) ਦੇ ਸਿੱਖਿਆ ਮਾਡਲ ਤੋਂ ਪੰਜਾਬ ਨੂੰ ਸੇਧ ਲੈਣ ਦੀ ਮੰਗ ਕੀਤੀ। ਉਨ੍ਹਾਂ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਦੇ ਪ੍ਰੋਗਰਾਮ ਦੀ ਮਿਸਾਲ ਦਿੱਤੀ। ਨਾਲ ਹੀ ਮੁੱਖ ਮੰਤਰੀ ਵੱਲੋਂ 5500 ਸਮਾਰਟ ਸਕੂਲਾਂ ਦੇ ਦਾਅਵੇ ‘ਤੇ ਵੀ ਸਵਾਲ ਉਠਾਏ।
ਇਹ ਧਿਆਨ ਦਿਵਾਊ ਮਤਾ ਮਾਸਟਰ ਬਲਦੇਵ ਸਿੰਘ, ਪ੍ਰਿੰਸੀਪਲ ਬੁੱਧ ਰਾਮ ਅਤੇ ਕੁਲਵੰਤ ਸਿੰਘ ਪੰਡੋਰੀ ਵੱਲੋਂ ਪੇਸ਼ ਕੀਤਾ ਗਿਆ। ਇਸ ਤੋਂ ਬਿਨਾ ਮਾਸਟਰ ਬਲਦੇਵ ਸਿੰਘ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਹਸਪਤਾਲਾਂ ‘ਚ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਮੁਫ਼ਤ ਦਵਾਈ ਦੀ ਸਹੂਲਤ ਬੰਦ ਕਰਨ ਦਾ ਮੁੱਦਾ ਉਠਾਇਆ। ਜਿਸ ਦਾ ਬੁਰਾ ਪ੍ਰਭਾਵ ਸਭ ਤੋਂ ਵੱਧ ਗ਼ਰੀਬਾਂ ਅਤੇ ਆਮ ਲੋਕਾਂ ‘ਤੇ ਪੈ ਰਿਹਾ ਹੈ। ਇਸ ਤੋਂ ਬਿਨਾਂ ਸਰਕਾਰੀ ਡਾਕਟਰਾਂ ਵੱਲੋਂ ਅਜਿਹੀਆਂ ਦਵਾਈਆਂ ਲਿਖ ਕੇ ਦਿੱਤੀਆਂ ਜਾਂਦੀਆਂ ਹਨ ਜੋ ਬਾਹਰੋਂ ਮਹਿੰਗੇ ਮੁੱਲ ਖ਼ਰੀਦਣੀਆਂ ਪੈਂਦੀਆਂ ਹਨ।

Share This Article
Leave a Comment