ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ਼ ਅਤੇ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਸੁਚੇਤ ਰਹਿਣ ਅਤੇ ਸੂਬੇ ਵਿਚ ਕਰੋਨਾ ਵਾਇਰਸ ਦੇ ਕਿਸੇ ਵੀ ਸ਼ੱਕੀ ਮਾਮਲੇ ‘ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਪੰਜਾਬਵਾਸੀ ਇਸ ਬਿਮਾਰੀ ਸਬੰਧੀ ਬਿਲਕੁਲ ਵੀ ਨਾ ਘਬਰਾਉਣ ਅਤੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਅਤੇ ਅਹਿਤਿਆਤਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਜਾਨਲੇਵਾ ਵਾਇਰਸ ਸੂਬੇ ਵਿਚ ਦਾਖਲ ਨਾ ਹੋ ਸਕੇ।
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸਐਸਪੀਜ਼ ਅਤੇ ਸਿਵਲ ਸਰਜਨਾਂ ਨਾਲ ਇਕ ਵੀਡੀਓ ਕਾਨਫਰੰਸ ਕੀਤੀ ਤਾਂ ਜੋ ਇਸ ਵਾਇਰਸ ਸਬੰਧੀ ਸੂਬੇ ਵਿਚਲੀ ਜ਼ਮੀਨੀ ਸਥਿਤੀ ਅਤੇ ਕੋਵਿਡ-19 ਦੇ ਫੈਲਣ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਾਮਲਿਆਂ ਬਾਰੇ ਆਈਆਂ ਖਬਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਅਤੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸ਼ਕੀ, ਪੁਲਿਸ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਸਿਵਲ ਸਰਜਨਾਂ ਨਾਲ ਮੁੱਖ ਸਕੱਤਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਕਿਸੇ ਵੀ ਸ਼ੱਕੀ ਮਰੀਜ਼ ਦੀ ਤੁਰੰਤ ਰਿਪੋਰਟ ਕੀਤੀ ਜਾਵੇ ਤਾਂ ਜੋ ਅਹਿਤਿਆਤਨ ਕਦਮ ਚੁੱਕੇ ਜਾ ਸਕਣ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਫੂਡ ਐਂਡ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ, ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਏਡੀਜੀਪੀ ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।