ਚੰਡੀਗੜ੍ਹ : ਸੂਬੇ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨੂੰ ਦੇਖਦਿਆਂ ਜਿਥੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਨੂੰ ਘਰ ਚ ਰਹਿਣ ਦੀ ਅਪੀਲ ਕਰਦਿਆਂ ਸੂਬੇ ਚ ਮੁਕੰਮਲ ਬੰਦ ਦਾ ਐਲਾਨ ਕੀਤਾ ਹੈ ਉਥੇ ਹੀ ਉਨ੍ਹਾਂ ਆਪਣੀ ਪਾਰਟੀ ਦੇ ਵਿਧਾਇਕਾਂਨੂੰ ਵੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਮੁਖ ਮੰਤਰੀ ਰਾਹਤ ਫੰਡ ਵਿਚ ਜਮਾਂ ਕਰਵਾਉਣ।
ਦੱਸ ਦੇਈਏ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਰੰਧਾਵਾ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਰੋਜ਼ਾਨਾ ਦਿਹਾੜੀ ਤੇ ਆਪਣਾ ਕੰਮ-ਧੰਦਾ ਕਰ ਕੇ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਔਖੀ ਘੜੀ ਹੈ ਜਿਸ ਕਾਰਨ ਉਨ੍ਹਾਂ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।