ਨਵੀਂ ਦਿੱਲੀ : ਅੱਜ ਸ਼ੁੱਕਰਵਾਰ ਸ਼ਾਮ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨੇਵਾ ਇਲਾਕੇ ‘ਚ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਅਤੇ ਪੁਲੀਸ ਦੀ ਸੰਯੁਕਤ ਟੁਕੜੀ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਸੀਆਰਪੀਐੈੱਫ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਹਮਲੇ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਸੈਨਾ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਅੱਤਵਾਦੀਆਂ ਨੇ ਸੀਆਰਪੀਐੱਫ 183 ਬਟਾਲੀਅਨ ਅਤੇ ਪੁਲੀਸ ਦੀ ਸੰਯੁਕਤ ਟੁਕੜੀ ਨੂੰ ਨਿਸ਼ਾਨਾ ਬਣਾ ਕੇ ਅੰਨੇਵਾਹ ਗੋਲੀਆਂ ਚਲਾਈਆਂ। ਹਮਲੇ ‘ਚ ਸੀਆਰਪੀਐੱਫ ਦਾ ਜਵਾਨ ਇੰਦਰ ਕੁਮਾਰ ਪੈਰ ‘ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੰਦਰ ਕੁਮਾਰ ਜਸਥਾਨ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇੱਕ ਹਫਤੇ ‘ਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਕਸ਼ਮੀਰ ਦੇ ਸ਼ੋਪੀਆਂ ਦੇ ਦਾਇਰੋ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ ਹੋਇਆ ਸੀ। ਜਿਸ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਸੀ।
ਪੁਲਵਾਮਾ ‘ਚ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲੇ ਦੀ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਸਮੇਤ ਪੂਰੀ ਦੁਨੀਆ ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਹੈ। ਕੋਰੋਨਾ ਨਾਲ ਹੁਣ ਤੱਕ ਵਿਸ਼ਵ ਪੱਧਰ ‘ਤੇ 21 ਲੱਖ ਤੋਂ ਵਧ ਲੋਕ ਸੰਕਰਮਿਤ ਹੋ ਚੁੱਕੇ ਹਨ ਤੇ 1 ਲੱਖ 45 ਹਜ਼ਾਰ ਤੋਂ ਵੱਧ ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਗਈ ਹੈ।