ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿਚ ਦੋਸ਼ੀ ਵਜੋਂ ਨਾਮਜ਼ਦ ਪਰਮਰਾਜ ਸਿੰਘ ਉਮਰਾਨੰਗਲ ਨੂੰ ਐੱਸਜੀਪੀਸੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਜਿਸ ਦੀ ਸਿੱਖ ਜਥੇਬੰਦੀਆਂ ਵੱਲੋਂ ਰੋਸ ਸਖਤ ਨਿੰਦਾ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਉਮਰਾਨੰਗਲ ਵੱਲੋਂ ਦਰਬਾਰ ਸਾਹਿਬ ਵਿਚ ਲੰਗਰਾਂ ਦੀ ਸੇਵਾ ਦਿੱਤੀ ਗਈ ਸੀ ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਵਾਲੀ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵੱਲੋਂ ਜਾਰੀ ਬਿਆਨ ਵਿਚ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੀ ਸਖਤ ਨਿੰਦਾ ਕੀਤੀ ਗਈ ਹੈ।
ਉੱਥੇ ਹੀ ਲੋਕ ਇਨਸਾਫ਼ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਚੱਕ ਨੇ ਬੀਤੀ ਦੇਰ ਸ਼ਾਮ ਇਕ ਪ੍ਰੈਸ ਬਿਆਨ ‘ਚ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਓ ਭੇਟ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ।
ਦੱਸ ਦਈਏ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਤੋਂ ਇਲਾਵਾ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਸਿੱਖ ਨੌਜਵਾਨ ਦੇ ਝੂਠੇ ਮੁਕਾਬਲੇ ਦਾ ਮਾਮਲਾ ਵੀ ਅਦਾਲਤ ਵਿਚ ਚੱਲ ਰਿਹਾ ਹੈ। 1994 ਵਿੱਚ ਪਰਮਰਾਜ ਸਿੰਘ ਉਮਰਾ ਨੰਗਲ ਡੀਐੱਸਪੀ ਰੋਪੜ ਵਜੋਂ ਤਾਇਨਾਤ ਸਨ ਅਤੇ ਰੋਪੜ ‘ਚ ਉਮਰਾ ਨੰਗਲ ਨੇ ਗੁਰਨਾਮ ਸਿੰਘ ਬੰਡਾਲਾ ਦਾ ਐਨਕਾਊਂਟਰ ਕਰਨ ਦਾ ਦਾਅਵਾ ਕੀਤਾ ਗਿਆ ਸੀ। ਗੁਰਦਾਸਪੁਰ ਦੇ ਵਸਨੀਕ ਸੁਖਪਾਲ ਸਿੰਘ ਦੀ ਮੌਤ ਤੋਂ ਬਾਅਦ ਗੁਰਨਾਮ ਸਿੰਘ ਦਾ ਫਰਜ਼ੀ ਐਨਕਾਊਂਟਰ ਉਜਾਗਰ ਹੋਇਆ ਸੀ।