ਚੰਡੀਗੜ੍ਹ : ਪੰਜਾਬ ਦੇ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਤਾਲਾਬੰਦੀ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਕਰੀਅਰ ਦੀ ਸੇਧ, ਕੌਂਸਲਿੰਗ ਅਤੇ ਕੋਚਿੰਗ ਪ੍ਰਦਾਨ ਕਰਨ ਲਈ ਕਈ ਆਨਲਾਈਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਹੈ। ਰੁਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਮੁਫਤ ਆਨਲਾਈਨ ਕਲਾਸਾਂ, ਕੋਚਿੰਗ ਅਤੇ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਟੈਲੀਫੋਨ ਅਤੇ ਵੱਖ ਵੱਖ ਆਨਲਾਈਨ ਪਲੇਟਫਾਰਮਾਂ ਜਿਵੇਂ ਵਟਸਐਪ ਗਰੁੱਪ, ਵੀਡੀਓ ਕਾਨਫਰੰਸਿੰਗ ਰਾਹੀਂ ਕਰੀਅਰ ਸਬੰਧੀ ਸੇਧ ਦੇਣ ਅਤੇ ਕੌਂਸਲਿੰਗ ਪ੍ਰਦਾਨ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਈ ਦੇ ਦੂਜੇ ਹਫ਼ਤੇ ਦੇ ਅਖ਼ੀਰ ਤੱਕ 2995 ਉਮੀਦਵਾਰਾਂ ਨੇ ਆਨਲਾਈਨ ਕਾਉਂਸਲਿੰਗ ਪ੍ਰੋਗਰਾਮਾਂ ਵਿਚ ਹਿੱਸਾ ਲਿਆ। ਇਸ ਤੋਂ ਇਲਾਵਾ ਕੋਵਿਡ-19 ਕਰਕੇ ਜਨਤਾ ਦੇ ਤਣਾਅ, ਚਿੰਤਾ ਅਤੇ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਸਟੇਟ ਹੈਲਪਲਾਈਨ ਨੰਬਰ `ਤੇ ਕਰੀਅਰ ਕੌਂਸਲਰਜ਼ ਆਪਣੀਆਂ ਸੇਵਾਵਾਂ ਦੇ ਰਹੇ ਹਨ।