ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉਤੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਉਨਾਂ ਨੂੰ ਗੈਰ ਰਸਮੀ ਤੌਰ ਉਤੇ ਦੁਪਹਿਰ ਦੇ ਖਾਣੇ ਉਤੇ ਬੁਲਾਇਆ ਸੀ ਜਿੱਥੇ ਉਨਾਂ ਸੂਬੇ ਵਿੱਚ ਚੱਲ ਰਹੇ ਕੋਵਿਡ ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਬਾਰੇ ਵਿਚਾਰ ਚਰਚਾ ਕੀਤੀ। ਸਮਾਜਿਕ ਵਿੱਥ ਦੇ ਨਿਯਮਾਂ ਅਤੇ ਕੋਵਿਡ ਨਾਲ ਸਬੰਧਤ ਸੁਰੱਖਿਆ ਇਹਤਿਆਤਾਂ ਦੀ ਸਖਤੀ ਨਾਲ ਪਾਲਣਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ ਕੁਝ ਕੁ ਆਗੂਆਂ ਨੂੰ ਸੱਦਾ ਦਿੱਤਾ ਸੀ ਜਿਨਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜ਼ੀਆ ਸ਼ਾਮਲ ਸ਼ਨ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ/ਵਿਧਾਇਕਾਂ ਨੇ ਮੁੱਖ ਮੰਤਰੀ ਨਾਲ ਕੋਵਿਡ ਮਹਾਮਾਰੀ ਅਤੇ ਲੌਕਡਾਊਨ ਦੇ ਨਤੀਜੇ ਵਜੋਂ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਆਪਣੇ ਸੁਝਾਅ ਸਾਂਝੇ ਕੀਤੇ। ਕੈਪਟਨ ਅਮਰਿੰਦਰ ਨੇ ਸੁਝਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨਾਂ ਨੂੰ ਧਿਆਨ ਵਿੱਚ ਰੱਖਣਗੇ ਕਿਉਂਕਿ ਸੂਬਾ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਵੱਲ ਵੱਧ ਰਿਹਾ ਹੈ।ਵਿਦੇਸ਼ਾਂ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਦੇ ਸੰਦਰਭ ਵਿੱਚ ਜ਼ਿਲਿਆਂ ਦੇ ਹਾਲਾਤ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਨੇਤਾਵਾਂ ਨੇ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਚੁੱਕੇ ਵੱਖ-ਵੱਖ ਕਦਮਾਂ, ਕਣਕ ਦੀ ਨਿਰਵਿਘਨ ਖਰੀਦ ਪ੍ਰਕਿਰਿਆ, ਸਿਹਤ ਅਤੇ ਟੈਸਟਿੰਗ ਬੁਨਿਆਦੀ ਢਾਂਚੇ ਨੂੰ ਵਧਾਉਣਾ ਅਤੇ ਸੂਬਾ ਸਰਕਾਰ ਦੁਆਰਾ ਸਥਿਤੀ ਦੇ ਸਮੁੱਚੇ ਪ੍ਰਬੰਧਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।