ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਹਾਮਾਰੀ ਦੇ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜੀ ਨਾਲ ਵੱਧ ਰਿਹਾ ਹੈ। ਇੱਥੋਂ ਤੱਕ ਕਿ ਕੋਰੋਨਾ ਮਹਾਮਾਰੀ ਖਿਲਾਫ ਆਪਣੀ ਜਾਨ ਨੂੰ ਹਥੇਲੀ ‘ਤੇ ਰੱਖ ਕੇ ਲੋਕਾਂ ਦੀ ਸੇਵਾ ਕਰ ਰਹੇ ਸਿਹਤ ਕਰਮਚਾਰੀ ਵੀ ਵੱਡੀ ਗਿਣਤੀ ‘ਚ ਇਸ ਵਾਇਰਸ ਦੀ ਲਪੇਟ ‘ਚ ਆ ਰਹੇ ਹਨ। ਇਸ ‘ਚ ਹੀ ਹੁਣ ਦਿੱਲੀ ਦੇ ਪੰਡਿਤ ਮਦਨ ਮੋਹਨ ਮਾਲਵੀਆ ਹਸਪਤਾਲ ਦੇ 7 ਸਿਹਤ ਕਰਮਚਾਰੀ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ।
ਪੰਡਿਤ ਮਦਨ ਮੋਹਨ ਮਾਲਵੀਆ ਹਸਪਤਾਲ ਦੇ 10 ਸਿਹਤ ਕਰਮਚਾਰੀਆਂ ਦੇ ਨਮੂਨੇ ਜਾਂਚ ਲਈ ਲਏ ਗਏ ਸਨ, ਜਿਨ੍ਹਾਂ ਵਿਚੋਂ 7 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਤਿੰਨ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਡੀਨ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ।
ਦੱਸ ਦਈਏ ਕਿ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 591 ਮਾਮਲੇ ਸਾਹਮਣੇ ਆਏ ਸਨ। ਦਿੱਲੀ ਦੇ ਸਿਹਤ ਵਿਭਾਗ ਅਨੁਸਾਰ ਰਾਜਧਾਨੀ ਵਿੱਚ ਹੁਣ ਤੱਕ ਕੋਰੋਨਾ ਦੇ 12,910 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 231 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 6267 ਮਰੀਜ਼ਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਦੇਸ਼ ‘ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਦੀ ਗਿਣਤੀ 1 ਲੱਖ 32 ਹਜ਼ਾਰ ਤੋਂ ਟੱਪ ਗਈ ਹੈ ਅਤੇ 3867 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।