ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਟਿਉਬਵੈਲਾਂ ਲਈ ਬਿਜਲੀ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਫੈਸਲੇ ਨੂੰ ਸਾਜਿਸ਼ ਕਰਾਰ ਦਿੱਤਾ ਹੈ।
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਮੋਟਰਾਂ ਦੇ ਬਿਲ ਨਹੀਂ ਭਰਣਗੇ ਤਾਂ ਉਨ੍ਹਾਂ ਕਿਸਾਨਾਂ ਨੂੰ ਡਿਫਾਲਟਰਾਂ ਦੀ ਲਿਸਟ ਵਿੱਚ ਪਾ ਕੇ ਕਿਸਾਨਾਂ ਦੇ ਕੁਨੈਕਸ਼ਨ ਕੱਟੇ ਜਾਣਗੇ।
ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਬਿਜਲੀ ਮਹਿੰਗੀ ਹੈ। ਇਸਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਨੂੰ ਟਿਉਬਵੈਲਾਂ ਦੀ ਸਬਸਿਡੀ ਖ਼ਤਮ ਕਰਨਾ ਚਾਹੁੰਦੀ ਹੈ। ਪੰਜਾਬ ਸਰਕਾਰ ਅਜਿਹਾ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਕਰ ਰਹੀ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਵੀ ਸਵਾਲਾਂ ਦੇ ਘੇਰੇ ਵਿੱਚ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ ਅਤੇ ਤਰ੍ਹਾਂ ਤਰ੍ਹਾਂ ਦੇ ਘੁਟਾਲੇ ਮੌਜੂਦਾ ਪੰਜਾਬ ਸਰਕਾਰ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਵਿਚ ਹੋਏ ਹਨ । ਬੀਜ਼ ਘੁਟਾਲਾ ਹੁਣ ਵੀ ਹੋਇਆ ਹੈ ਅਤੇ ਪਿਛਲੀ ਸਰਕਾਰ ਵਿੱਚ ਵੀ ਹੋਇਆ ਸੀ।
ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਮਾਫੀ ਮੰਗਣ ਕਾਰਨ ਸ਼ਰਾਬ ਮਾਫੀਆ ਦਾ ਮਾਮਲਾ ਠੰਡਾ ਕਰ ਦਿੱਤਾ ਗਿਆ ਹੈ ਜਦ ਕਿ ਸੈੰਕੜੇ ਕਰੋੜ ਦਾ ਚੂਨਾ ਪੰਜਾਬ ਸਰਕਾਰ ਨੂੰ ਲਗਾਇਆ ਹੈ ।
ਭਗਵੰਤ ਮਾਨ ਨੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਧਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਮੈਡੀਕਲ ਸਿੱਖਿਆ ਤਾਂ ਕੇਵਲ ਪੰਜਾਬ ਵਿੱਚ ਅਮੀਰਾਂ ਲਈ ਹੀ ਰਹਿ ਗਈ ਹੈ। ਰੰਗਲੇ ਪੰਜਾਬ ‘ਤੇ ਇਕ ਢਾਈ ਲੱਖ ਕਰੋੜ ਦਾ ਕਰਜ਼ਾ ਸਰਕਾਰਾਂ ਦੀਆਂ ਘਟੀਆ ਨੀਤੀਆਂ ਕਾਰਨ ਹੀ ਚੜਿਆ ਹੈ।