-ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਮੰਗਿਆ ਅਸਤੀਫਾ
ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਜਾਂ ਰਾਜਨੀਤਕ ਮਾਮਲਿਆਂ ਦੇ ਮਾਹਰ ਪ੍ਰਸ਼ਾਂਤ ਕਿਸ਼ੋਰ ਨਾਲ ਤਾਂ ਹਾਈਕਮਾਨ ਪੱਧਰ ‘ਤੇ ਅਤੇ ਨਾ ਹੀ ਪੰਜਾਬ ਦੇ ਕਿਸੇ ਆਗੂ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣੇ ਨਿੱਜੀ ਹਿੱਤ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਉਹ ਸਵਾਗਤ ਕਰਨਗੇ।
ਭਗਵੰਤ ਮਾਨ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਹਰ ਤਿੰਨ ਚਾਰ ਮਹੀਨੇ ਬਾਅਦ ਨਵਜੋਤ ਸਿੰਘ ਸਿੱਧੂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਬਾਰੇ ਚਰਚਾ ਚੱਲ ਪੈਂਦੀ ਹੈ।ਜਿਸ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਹੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪਾਰਟੀ ਵਿੱਚ ਸ਼ਾਮਿਲ ਹੋਣਗੇ ਜਾਂ ਨਹੀਂ। ਜੇਕਰ ਸਿੱਧੂ ਮੀਡੀਆ ਨਾਲ ਸਿੱਧੇ ਤੌਰ ‘ਤੇ ਗੱਲ ਨਹੀਂ ਕਰਨਾ ਚਾਹੁੰਦੇ ਤਾਂ ਉਹ ਆਪਣੇ ਸੋਸ਼ਲ ਮੀਡੀਆ ਚੈਨਲ ਜ਼ਰੀਏ ਇਸ ਬਾਰੇ ਸਪੱਸ਼ਟ ਕਰ ਸਕਦੇ ਹਨ।
ਭਗਵੰਤ ਮਾਨ ਨੇ ਬੀਜ ਘੁਟਾਲੇ ਦੀ ਚਰਚਾ ਕਰਦਿਆਂ ਕਿਹਾ ਕਿ ਇਸ ਘੁਟਾਲੇ ਨਾਲ ਸਬੰਧ ਸਿੱਧੇ ਤੌਰ ‘ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜੁੜਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਆਬਕਾਰੀ ਵਿੱਚ ਦੋ ਵੱਡੇ ਘਪਲੇ ਹੋਏ ਹਨ ਇਹ ਵਿਭਾਗ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦੇ ਅਧੀਨ ਹਨ। ਜਿਸ ਕਾਰਨ ਇਨ੍ਹਾਂ ਘਪਲਿਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਜ਼ਿੰਮੇਵਾਰ ਹਨ।
ਕੇਂਦਰ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਲਿਆਂਦੇ ਜਾ ਰਹੇ ਬਿੱਲਾਂ ਦੀ ਨਿੰਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਫ਼ਸਲਾਂ ਤੋਂ ਐਮਐਸਪੀ ਖਤਮ ਕਰਨਾ ਚਾਹੁੰਦੀ ਹੈ। ਇਸ ਦੀ ਸਭ ਤੋਂ ਵੱਡੀ ਮਾਰ ਪੰਜਾਬ ਅਤੇ ਹਰਿਆਣਾ ‘ਤੇ ਪਵੇਗੀ। ਅਜਿਹੇ ਬਿੱਲ ਸੰਸਦ ਵਿੱਚ ਪੇਸ਼ ਕਰਨੇ ਚਾਹੀਦੇ ਹਨ ਆਰਡੀਨੈੱਸ ਲਿਆਉਣੇ ਲੋਕਤੰਤਰ ਦੇ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿੱਚ ਭਾਈਵਾਲ ਅਕਾਲੀ ਦਲ ਵੀ ਇਸ ਮਾਮਲੇ ‘ਤੇ ਡੱਟਵਾਂ ਵਿਰੋਧ ਨਹੀਂ ਕਰ ਰਿਹਾ। ਅਕਾਲੀ ਦਲ ਦੇ ਆਗੂ ਕੇਵਲ ਵਿਖਾਵੇਬਾਜ਼ੀ ਕਰਨ ਲਈ ਬਿਆਨਬਾਜ਼ੀ ਕਰ ਰਹੇ ਹਨ। ਚਾਹੀਦਾ ਤਾਂ ਇਹ ਹੈ ਕਿ ਹਰਸਿਮਰਤ ਕੌਰ ਬਾਦਲ ਕੇਂਦਰੀ ਵਜਾਰਤ ਵਿੱਚੋਂ ਬਾਹਰ ਹੋ ਜਾਣ ਪਰ ਬਾਦਲ ਪਰਿਵਾਰ ਨੂੰ ਤਾਂ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਨਾਲੋਂ ਆਪਣੇ ਹਿੱਤ ਵਧੇਰੇ ਪਿਆਰੇ ਹਨ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਗਈ ਖ਼ਾਲਸਤਾਨ ਦੀ ਮੰਗ ‘ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਸਭ ਅਕਾਲੀ ਦਲ ਦੇ ਆਗੂਆਂ ਦੇ ਕਹਿਣ ‘ਤੇ ਹੀ ਹੋ ਰਿਹਾ ਹੈ ਕਿਉਂਕਿ ਜਦੋਂ ਅਕਾਲੀ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਉਹ ਧਰਮ ਨੂੰ ਵਰਤੋਂ ਵਿੱਚ ਲਿਆਉਂਦੇ ਹਨ।