ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਅੱਗੇ ਕੀਤਾ ਆਤਮ ਸਮਰਪਣ : ਰਾਹੁਲ ਗਾਂਧੀ

TeamGlobalPunjab
2 Min Read

ਨਵੀਂ ਦਿੱਲੀ : ਪੂਰੇ ਦੇਸ਼ ‘ਚ ਕੋਰੋਨਾ ਮਹਾਮਾਰੀ ਇਸ ਕਦਰ ਫ਼ੈਲ ਚੁੱਕੀ ਹੈ ਕਿ ਹੁਣ ਇਸ ‘ਤੇ ਕਾਬੂ ਪਾਉਣਾ ਬਹੁਤ ਮੁਸ਼ਕਿਲ ਹੋ ਚੁੱਕਾ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਕੇਂਦਰ ਦੀ ਮੋਦੀ ਸਰਕਾਰ ‘ਤੇ ਤੰਜ ਕੱਸਣ ਤੋਂ ਪਿੱਛੇ ਨਹੀਂ ਹਟ ਰਹੀਆਂ।

ਬੀਤੇ ਸ਼ੁੱਕਰਵਾਰ ਦੇਸ਼ ਭਰ ‘ਚ ਕੋਰੋਨਾ ਦੇ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ। ਜਿਸ ਨੂੰ ਲੈ ਕੇ ਦੇਸ਼ ਦੀ ਮੁੱਖ ਧਿਰ ਕਾਂਗਰਸ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਦੇ ਮਾਮਲੇ ‘ਤੇ ਮੋਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਕੇਂਦਰ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਕੋਈ ਯੋਜਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਲੱਦਾਖ ਦੀ ਗਲਵਾਨ ਘਾਟੀ ‘ਚ ਚੀਨ-ਭਾਰਤ ਦੀ ਹਿੰਸਕ ਝੜਪ ‘ਚ 20 ਭਾਰਤੀ ਜਵਾਨਾਂ ਦੀ ਸ਼ਹਾਦਤ ‘ਤੇ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਨਿਸ਼ਾਨੇ ‘ਤੇ ਲਿਆ ਸੀ।

ਰਾਹੁਲ ਗਾਂਧੀ ਨੇ ਆਪਣੇ ਟਵੀਟ ‘ਚ ਕਿਹਾ,”ਪ੍ਰਧਾਨ ਮੰਤਰੀ ਚੁੱਪ ਹਨ। ਉਨ੍ਹਾਂ ਨੇ ਕੋਰੋਨਾ ਮਹਾਮਾਰੀ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ ਹੈ ਅਤੇ ਇਸ ਮਹਾਮਾਰੀ ਵਿਰੁੱਧ ਲੜਨ ਤੋਂ ਇਨਕਾਰ ਕਰ ਰਹੇ ਹਨ।” ਕਾਂਗਰਸ ਪ੍ਰਧਾਨ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਦੇਸ਼ ‘ਚ ਸਿਰਫ ਛੇ ਦਿਨਾਂ ‘ਚ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸੰਕਰਮਿਤ ਮਰੀਜ਼ਾਂ ਦਾ ਅੰਕੜਾ 5 ਲੱਖ ਤੋਂ ਪਾਰ ਹੋ ਚੁੱਕਾ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਭਾਰਤ ‘ਚ ਕੋਰੋਨਾ ਵਾਇਰਸ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ ਪੰਜ ਲੱਖ ਤੋਂ ਟੱਪ ਚੁੱਕੀ ਹੈ ਅਤੇ 15 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਜਦ ਕਿ 2 ਲੱਖ 95 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

Share This Article
Leave a Comment