ਅੰਮ੍ਰਿਤਸਰ : ਅੰਮ੍ਰਿਤਸਰ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ‘ਚ ਹੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ ਅਤੇ ਉਨ੍ਹਾਂ ਦੀ ਪਤਨੀ ਦੇ ਬੀਤੇ ਦਿਨੀਂ ਹੋਏ ਟੈਸਟ ਉਪਰੰਤ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਸੰਪਰਕ ‘ਚ ਆਏ ਪੁਲਿਸ ਮੁਲਾਜ਼ਮਾਂ ਅਤੇ ਰਿਸ਼ਤੇਦਾਰਾਂ ਨੂੰ ਘਰਾਂ ‘ਚ ਕੁਆਰੰਟੀਨ ਕੀਤਾ ਗਿਆ। ਇਸ ਦੀ ਜਾਣਕਾਰੀ ਐੱਸ.ਐੱਸ.ਪੀ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਸ਼੍ਰੀ ਵਿਕਰਮਜੀਤ ਦੁੱਗਲ ਨੇ ਦਿੱਤੀ ।
ਦੱਸ ਦਈਏ ਕਿ ਬੀਤੇ ਦਿਨ ਜ਼ਿਲ੍ਹੇ ‘ਚ ਕੋਰੋਨਾ ਦੇ 14 ਹੋਰ ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਇੱਕ ਕੋਰੋਨਾ ਪੀੜਤ ਮਰੀਜ਼ ਨੇ ਦਮ ਤੋੜ ਦਿੱਤਾ ਸੀ। ਜ਼ਿਲ੍ਹੇ ‘ਚ ਕੁਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 998 ਤੱਕ ਪਹੁੰਚ ਗਿਆ ਹੈ। ਇਨ੍ਹਾਂ ‘ਚੋਂ 807 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦ ਕਿ 48 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ 160 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ।