ਚੰਡੀਗੜ, 21 ਜੁਲਾਈ: ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਦੀ ਵਾਪਸੀ ਲਈ ਪੰਜਾਬ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਤਾਲਮੇਲਵੇਂ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਅਰਥੀ ਸਾੜ ਮੁਜ਼ਾਹਰੇ ਪਿੰਡ-ਪਿੰਡ ਜਾਰੀ ਰਹੇ।
ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਅੱਜ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫੀਰੋਜ਼ਪੁਰ, ਅੰਮ੍ਰਿਤਸਰ ਤੇ ਗੁਰਦਾਸਪੁਰ 11 ਜ਼ਿਲਿਆਂ ਦੇ 56 ਪਿੰਡਾਂ ਵਿੱਚ ਕੁੱਲ ਰਲ਼ਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ। ਇਕੱਠਾਂ ਵੱਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿੱਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ।
ਥਾਂ-ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲਾ ਤੇ ਬਲਾਕ ਪੱਧਰੇ ਸਰਗਰਮ ਆਗੂ ਸ਼ਾਮਲ ਸਨ।
ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ। ਕਿਉਂਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਭਈਏ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਂਦੇ ਹਨ। ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ। ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੂੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਣੀ ਹੈ।
ਖੁਦਕੁਸ਼ੀਆਂ ਦਾ ਵਰਤਾਰਾ ਵੀ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਇਸ ਭਿਆਨਕ ਆਰਥਿਕ ਤਬਾਹੀ ਤੋਂ ਬਚਣ ਲਈ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਬੁਲਾਰਿਆਂ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ਵਿੱਚ ਇਕੱਠਾਂ ‘ਤੇ ਪਾਬੰਦੀ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਥਾਂ-ਥਾਂ ਇਕੱਠਾਂ ਵਿੱਚ ਮਤੇ ਪਾਸ ਕਰਕੇ 81 ਸਾਲਾਂ ਦੇ ਗੰਭੀਰ ਬੀਮਾਰ ਇਨਕਲਾਬੀ ਕਵੀ ਵਰਵਰਾ ਰਾਓ ਨੂੰ ਤੁਰੰਤ ਰਿਹਾਅ ਕਰਕੇ ਉਸਦੇ ਪਰਿਵਾਰ ਨੂੰ ਉਹਨਾਂ ਦਾ ਸਹੀ ਇਲਾਜ ਕਰਾਉਣ ਦਾ ਹੱਕ ਦੇਣ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਵਾਲੇ ਮੌਜੂਦਾ ਸੰਘਰਸ਼ ਵਿੱਚ 26 ਜੁਲਾਈ ਤੱਕ ਥਾਂ-ਥਾਂ ਅਰਥੀ ਸਾੜ ਮੁਜ਼ਾਹਰਿਆਂ ਵਿੱਚ ਅਤੇ 27 ਨੂੰ ਜ਼ਿਲਾ ਪੱਧਰ ‘ਤੇ ਭਾਜਪਾ ਅਕਾਲੀ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਜਾਂ ਮੁੱਖ ਪਾਰਟੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।