ਚੰਡੀਗੜ੍ਹ : 12ਵੀਂ ਜਮਾਤ ਦੇ ਨਤੀਜਿਆਂ ਤੋਂ ਖੁਸ਼ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ 12ਵੀਂ ਜਮਾਤ ‘ਚ 98 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ 335 ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ ਇਨਾਮ ਵਜੋਂ 5100 ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉੱਥੇ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦਾ 94.32 ਪ੍ਰਤੀਸ਼ਤ ਨਤੀਜਾ ਆਉਣ ‘ਤੇ ਕੈਪਟਨ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਦੀ ਸ਼ਲਾਘਾ ਵੀ ਕੀਤੀ।
CM @capt_amarinder Singh announced a cash prize of Rs. 5,100 each for 335 students who scored above 98% in PSEB Class 12th exams and also appreciated the hard work of teachers in achieving an unprecedented pass percentage of 94.32 in Govt Schools. pic.twitter.com/PsEogxwITV
— CMO Punjab (@CMOPb) July 25, 2020
ਕੈਪਟਨ ਅਮਰਿੰਦਰ ਸਿੰਘ ਨੇ ਨਾਲ ਹੀ ਕਿਹਾ ਕਿ ਇਸ ਸਾਲ ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਾਖਲਿਆਂ ‘ਚ 13 ਫੀਸਦੀ ਦਾ ਵਾਧਾ ਹੋਇਆ ਹੈ। ਕੈਪਟਨ ਨੇ ਕਿਹਾ ਕਿ ਇਹ ਸਭ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਚੁੱਕੇ ਗਏ ਕਦਮਾ ਦਾ ਹੀ ਨਤੀਜਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਸਮਾਰਟ ਸਕੂਲ ਬਣਾਉਣ ਦੇ ਨਾਲ-ਨਾਲ ਚੰਗੇ ਅਧਿਆਪਕਾਂ ਦੀ ਭਰਤੀ, ਸਰਹੱਦੀ ਖੇਤਰਾਂ ਲਈ ਸਾਇੰਸ ਅਧਿਆਪਕ ਉਪਲੱਬਧ ਕਰਵਾਉਣੇ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਲਈ ਕਦਮ ਚੁੱਕੇ ਗਏ ਹਨ।