ਅੰਮ੍ਰਿਤਸਰ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਵਿਚ ਰਤਨ ਸਿੰਘ ਜਫਰਵਾਲ ਅਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ।
ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਹੈ ਕਿ ਇਨ੍ਹਾਂ ਨੂੰ ਬਣੀਆਂ ਸਬ ਕਮੇਟੀਆਂ ‘ਚੋਂ ਵੀ ਹਟਾਇਆ ਜਾਵੇ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਹੋਰ ਲੀਡਰਾਂ ਨੂੰ ਆਪਣੇ ਪੱਧਰ ‘ਤੇ ਜਾਂਚ ਕਰਕੇ ਪਾਰਟੀ ਤੋਂ ਬਾਹਰ ਕੀਤਾ ਜਾਵੇ।
ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਚੋਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ‘ਚ ਲੰਗਾਹ ਨਾਲ ਸਬੰਧ ਰੱਖਣ ਵਾਲਿਆਂ ‘ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।