ਚੰਡੀਗੜ੍ਹ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਆਗੂਆਂ ਨੇ ਕੈਪਟਨ ਸਰਕਾਰ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਚੌਥੇ ਦਿਨ ਵੀ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਰਾਜ-ਭਵਨ ਵੱਲ ਰੋਸ ਮਾਰਚ ਕੱਢਿਆ।
ਅਕਾਲੀ ਆਗੂ ਕੈਪਟਨ ਸਰਕਾਰ ਦੀ ਬਰਖਾਸਤਗੀ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਰਾਜਭਵਨ ਵੱਲ ਵੱਧ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਇਸ ਤੋਂ ਪਹਿਲਾਂ ਐਤਵਾਰ ਨੂੰ ਅਕਾਲੀਆਂ ਨੇ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿੱਚ ਰੋਸ ਮਾਰਚ ਕੱਢਿਆ ਸੀ। ਸੋਮਵਾਰ ਨੂੰ ਵੀ ਅਕਾਲੀ ਆਗੂਆਂ ਨੇ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਰਾਜ-ਭਵਨ ਤੱਕ ਰੋਸ ਮਾਰਚ ਕੱਢਿਆ।
ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੂੰ ਰਾਜਭਵਨ ਪੁੱਜਣ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ। ਸੋਮਵਾਰ ਨੂੰ ਮਾਰਚ ਦੀ ਅਗਵਾਈ ਕਰਦੇ ਹੋਏ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਸ਼ਰਾਬ ਅਤੇ ਰੇਤ ਮਾਫੀਆ ਦਾ ਬੋਲਬਾਲਾ ਹੈ। ਸੂਬਾ ਸਰਕਾਰ ਹਰ ਮੋਰਚੇ ‘ਤੇ ਅਸਫਲ ਸਾਬਤ ਹੋ ਰਹੀ ਹੈ।