ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾ ਮਹਿਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਅਚਾਨਕ ਛਾਤੀ ‘ਚ ਦਰਦ ਹੋਣ ਤੋਂ ਬਾਅਦ ਤੁਰੰਤ ਨਜ਼ਦੀਕ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦੇਹਾਂਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਕੀਤਾ ਜਾਵੇਗਾ।
ਦੱਸ ਦਈਏ ਕਿ ਬਲਜੀਤ ਸਿੰਘ ਨੀਲਾ ਮਹਿਲ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਸਨ। ਉਹ ਕਾਫੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਅਕਾਲੀ-ਭਾਜਪਾ ਗੱਠਜੋੜ ਸਮੇਂ ਨੀਲਾ ਮਹਿਲ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਬਲਜੀਤ ਸਿੰਘ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।