ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੂੰ ਨਵਾਂ ਪ੍ਰਮੁੱਖ ਚੁਣਨ ਦੀ ਅਪੀਲ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਅਸਤੀਫਾ ਦੇ ਸਕਦੇ ਹਨ।
ਦਰਅਸਲ, ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਕਿਹਾ ਕਿ ਉਹ ਹੁਣ ਪਾਰਟੀ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ।
ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਫੁੱਲ ਟਾਇਮ ਪ੍ਰਧਾਨ ਦੀ ਚੋਣ ਕਰਨ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਦੇ ਕਈ ਨੇਤਾਵਾਂ ਨੇ ਆਪਣਾ ਹੁੰਗਾਰਾ ਦਿੱਤਾ। ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਦਿਆਂ ਕਿਹਾ ਹੈ ਕਿ ਕਾਂਗਰਸ ਦਾ ਭਵਿੱਖ ਤੁਹਾਡੇ ਅਤੇ ਰਾਹੁਲ ਗਾਂਧੀ ਦੇ ਹੱਥ ਵਿੱਚ ਸੁਰੱਖਿਅਤ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਵਨੀਤ ਬਿੱਟੂ ਅਤੇ ਸਿਧਾਰਮਈਆ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਮੰਗ ਦੀ ਅਲੋਚਨਾ ਕਰਦਿਆਂ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਅਹੁਦਾ ਸੰਭਾਲਣ ਦੀ ਮੰਗ ਕੀਤੀ ਹੈ।