ਪੰਜਾਬ ਦੇ ਸਿੱਖਿਆ ਵਿਭਾਗ ਦੀ ਆਨਲਾਈਨ ਪੜ੍ਹਾਈ ਵਿੱਚ ਨਵੀਂ ਪੁਲਾਂਘ

TeamGlobalPunjab
2 Min Read

-ਅਵਤਾਰ ਸਿੰਘ

ਕੋਵਿਡ-19 ਸੰਕਟ ਦੇ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੀ ਰੋਜ਼ਾਨਾ ਦੀ ਪੜ੍ਹਾਈ ਉਨ੍ਹਾਂ ਕੋਲੋਂ ਖੁੱਸ ਗਈ ਹੈ। ਇਸ ਕਾਰਨ ਉਨ੍ਹਾਂ ਨੂੰ ਇਸ ਸਾਲ ਆਪਣੀ ਪੜ੍ਹਾਈ ਘਰਾਂ ਵਿੱਚ ਰਹਿ ਕੇ ਹੀ ਕਰਨੀ ਪੈ ਰਹੀ ਹੈ।

ਅਧਿਆਪਕਾਂ ਵਲੋਂ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਵਿੱਚ ਪਿੰਡਾਂ ਦੇ ਬੱਚੇ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਇਸ ਸਭ ਕੁਝ ਦੇ ਬਾਵਜੂਦ ਪੰਜਾਬ ਵਿੱਚ ਅਧਿਆਪਕਾਂ ਵਲੋਂ ਕਾਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਵਿਚ ਸੂਬਾ ਮਾਅਰਕਾ ਮਾਰ ਗਿਆ ਹੈ। ਰਿਪੋਰਟਾਂ ਮੁਤਾਬਿਕ ਸਿੱਖਿਆ ਵਿਭਾਗ ਪੰਜਾਬ ਵੱਲੋਂ ਤਿੰਨ ਸਾਲ ਬਾਅਦ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਆਪਣੀ 100 ਫੀਸਦੀ ਕਾਰਗੁਜ਼ਾਰੀ ਦਿਖਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਇਆ ਜਾ ਰਿਹਾ ਹੈ।

ਸਰਵੇਖਣ ਦੌਰਾਨ ਚਲਾਈ ਜਾ ਰਹੀ ਮੁਲਾਂਕਣ ਪ੍ਰਕਿਰਿਆ ਵਿੱਚ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਫ਼ਤਾਵਾਰੀ ਟੈਸਟ ਵਿੱਚ ਹੁਣ ਤੱਕ 1.50 ਕਰੋੜ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਹੈ।

ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਲਈ ਪੰਜਾਬ ਮੋਹਰੀ ਸੂਬਾ ਬਣ ਕੇ ਸਾਹਮਣੇ ਆਇਆ ਹੈ। ਪੰਜਾਬ ਪਹਿਲਾ ਰਾਜ ਹੈ ਜੋ ਸਿੱਖਣ ਪਰਿਣਾਮਾਂ ਸਬੰਧੀ ਪ੍ਰਾਪਤੀ ਸਰਵੇਖਣ ਕਰਵਾਉਣ ਦੀ ਪ੍ਰਕਿਰਿਆ ਆਪਣੇ ਤੌਰ ’ਤੇ ਆਰੰਭ ਕਰ ਚੁੱਕਾ ਹੈ।

ਸਿੱਖਣ ਪਰਿਣਾਮਾਂ ਸਬੰਧੀ ਪੰਜਾਬ ਪ੍ਰਾਪਤੀ ਸਰਵੇਖਣ 2020 ਦੀ ਦੁਹਰਾਈ ਕਰਵਾਉਣ ਲਈ ਪੰਜਾਬ ਦੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੀਆਂ ਜਮਾਤਾਂ ਦੇ ਲੱਖਾਂ ਵਿਦਿਆਰਥੀ, ਅਧਿਆਪਕਾਂ ਤੇ ਸਕੂਲ ਮੁਖੀਆਂ ਦੀ ਦੇਖ-ਰੇਖ ਹੇਠ ਰੁਚੀ ਦਿਖਾ ਰਹੇ ਹਨ।

ਵਿਭਾਗ ਵੱਲੋਂ ਪ੍ਰਾਇਮਰੀ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਲੱਖਾਂ ਵਿਦਿਆਰਥੀਆਂ ਲਈ ਸਿੱਖਣ ਪਰਿਣਾਮਾਂ ਦੀ ਦੁਹਰਾਈ ਲਈ ਰੋਜ਼ਾਨਾ ਅਭਿਆਸ ਸਲਾਈਡਾਂ ਭੇਜੀਆਂ ਜਾ ਰਹੀਆਂ ਹਨ।

ਸਮੁੱਚੇ ਰੂਪ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਏ ਗਏ ਇਸ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਆਨਲਾਈਨ ਸਿੱਖਣ ਪਰਿਣਾਮ ਦੁਹਰਾਈ ਟੈੱਸਟ ਵਿੱਚ ਕੁੱਲ 1 ਕਰੋੜ 50 ਲੱਖ 52 ਹਜ਼ਾਰ ਰਿਸਪਾਂਸ ਮਿਲੇ। ਇਸ ਤਰ੍ਹਾਂ ਸੂਬੇ ਦੇ ਸਿੱਖਿਆ ਵਿਭਾਗ ਦੀ ਇਹ ਵਧੀਆ ਕਾਰਗੁਜਾਰੀ ਗਰਦਾਨੀ ਜਾ ਰਹੀ ਹੈ।

Share This Article
Leave a Comment