ਟੋਰਾਂਟੋ: ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਅੰਤਰਰਾਸ਼ਟਰੀ ਵਿਦਿਆਰਥੀ ਇਮੀਗ੍ਰੇਸ਼ਨ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਨ। ਜਿਸ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦੇ ਟੋਰਾਂਟੋ ਦਫ਼ਤਰ ਅੱਗੇ ਰੋਸ ਪ੍ਰਦਰਸਨ ਕੀਤਾ ਗਿਆ, ਇਨ੍ਹਾਂ ਵਿੱਚ ਸਿੱਖ ਵਿਦਿਆਰਥੀ ਵੀ ਸ਼ਾਮਲ ਸਨ।
ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਕੈਨੇਡਾ ਦੀ ਜੌਬ ਮਾਰਕੀਟ ਵਿੱਚ ਕੌਮਾਂਤਰੀ ਵਿਦਿਆਰਥੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਨੇਡਾ ‘ਚ ਇਸ ਦੌਰਾਨ ਲੱਖਾਂ ਲੋਕਾਂ ਦੀ ਨੌਕਰੀ ਖੁੱਸ ਗਈ ਹੈ। ਨੌਕਰੀਆਂ ਤੋਂ ਲਾਂਭੇ ਹੋਏ ਜ਼ਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀ ਹਨ। ਇਸ ਕਰਕੇ ਬੇਰੁਜ਼ਗਾਰ ਹੋਏ ਵਿਦਿਆਰਥੀ ਕੈਨੇਡਾ ਦੀ ਪੀ.ਆਰ ਲਈ ਅਪਲਾਈ ਨਹੀਂ ਕਰ ਸਕਦੇ। ਇੱਥੋਂ ਤੱਕ ਕਿ ਉਨ੍ਹਾਂ ਨੂੰ ਦੇਸ਼ ਨਿਕਾਲਾ ਵੀ ਦਿੱਤਾ ਜਾ ਸਕਦਾ ਹੈ।
ਇਨ੍ਹਾਂ ਖ਼ਦਸ਼ਿਆਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਉਪ ਪ੍ਰਧਾਨ ਮੰਤਰੀ ਖਿਲਾਫ ਮੋਰਚਾ ਖੋਲ੍ਹਿਆ ਗਿਆ ਅਤੇ ਮੰਗ ਕੀਤੀ ਗਈ ਕਿ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿੱਚ ਥੋੜ੍ਹੀ ਜਿਹੀ ਢਿੱਲ ਦੇਵੇ ਤਾਂ ਜੋ ਮਹਾਂਮਾਰੀ ਦੌਰਾਨ ਆ ਰਹੀਆਂ ਮੁਸ਼ਕਲਾਂ ਹੱਲ ਹੋ ਸਕਣ।