ਪੰਜਾਬੀਆਂ ਨੂੰ ਦਬਾਉਣਾ ਬੰਦ ਕਰੇ ਮੋਦੀ ਸਰਕਾਰ, ਅਸੀਂ ਨਾਲ ਝੁਕੇ ਨਾ ਝੁਕਾਂਗੇ-ਬਰਿੰਦਰ ਢਿੱਲੋਂ

TeamGlobalPunjab
2 Min Read

ਚੰਡੀਗੜ੍ਹ: ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਦੁਆਰਾ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਖੇਤੀ ਆਰਡੀਨੈਂਸ ਪਾਸ ਕਰਕੇ ਪੰਜਾਬੀ ਕਿਸਾਨਾਂ ਨੂੰ ਦਬਾਉਣ ਦੀ ਸਾਜ਼ਿਸ਼ ਉੱਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਮੋਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਉੱਤੇ ਅੱਤਿਆਚਾਰ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ। ਮੀਡੀਆ ਵਿੱਚ ਜਾਰੀ ਬਿਆਨ ਰਾਹੀਂ ਢਿੱਲੋਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਸੋਚ ਰਹੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਸ਼ਕਤੀ ਨਾਲ ਦਬਾ ਲਵੇਗੀ ਤਾਂ ਹੀ ਉਨ੍ਹਾਂ ਦਾ ਭਰਮ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੀਆਂ ਆਰਡੀਨੈਂਸ ਪਾਸ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਢਿੱਲੋਂ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਭਾਵੇਂ ਪੂਰੇ ਦੇਸ਼ ਵਿੱਚ ਆਪਣੇ ਝੂਠ ਰਾਹੀਂ ਚੋਣਾਂ ਜਿੱਤਣ ਵਿੱਚ ਕਾਮਯਾਬ ਹੋ ਗਈ ਸੀ ਪਰੰਤੂ ਪੰਜਾਬੀਆਂ ਨੇ ਉਨ੍ਹਾਂ ਦੇ ਝੂਠ ਦਾ ਮੂੰਹ ਤੋੜਵਾਂ ਜਵਾਬ ਦਿੰਦਿਆਂ ਪੰਜਾਬ ਵਿੱਚੋਂ ਹਰਾ ਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਕਦੇ ਵੀ ਸੱਚ ਤੋਂ ਪਿੱਛੇ ਨਹੀਂ ਹਟੇ ਹਨ ਅਤੇ ਇਕ ਵਾਰ ਫੇਰ ਉਹ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹਟਣਗੇ। ਉਨ੍ਹਾਂ ਕਿਹਾ ਕਿ ਮੋਦੀ ਅਤੇ ਬਾਦਲ ਵਿਧਾਨ ਸਭਾ ਵਿੱਚ ਆਪਣੀ ਹੋਈ ਹਾਰ ਨੂੰ ਹਜ਼ਮ ਨਹੀਂ ਕਰ ਰਹੇ ਅਤੇ ਹੁਣ ਉਹ ਪੰਜਾਬੀਆਂ ਉੱਤੇ ਬਦਲਾ ਲਊ ਨੀਤੀ ਦੇ ਤਹਿਤ ਕਾਲਾ ਕਾਨੂੰਨ ਥੋਪ ਰਹੇ ਹਨ।

ਸਮੂਹ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਨੇ 20 ਸਤੰਬਰ ਨੂੰ ਯੂਥ ਕਾਂਗਰਸ ਵੱਲੋਂ ਕੀਤੇ ਜਾ ਰਹੇ ‘ਕਿਸਾਨ ਰੋਸ ਮਾਰਚ’ ਲਈ ਪਹੁਚਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਡੇਰਾ ਬੱਸੀ ਤੋਂ ਦਿੱਲੀ ਤੱਕ ਟਰੈਕਟਰ ਮਾਰਚ ਕੱਢੇਗੀ। ਉਨ੍ਹਾਂ ਮੁੜ ਦੁਹਰਾਇਆ ਕਿ ਕਾਂਗਰਸ ਅਜਿਹੇ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰਦੀ ਰਹੇਗੀ।

Share This Article
Leave a Comment