ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ‘ਚੋਂ ਅਸਤੀਫਾ ਦਿੱਤੇ ਜਾਣ ਦਾ ਮੁੱਦਾ ਹਾਲੇ ਤੱਕ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਵਿੱਚ ਇਸ ‘ਤੇ ਸਿਆਸਤ ਖੂਬ ਹੋ ਰਹੀ ਹੈ ਜਿਸ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਰਸਿਮਰਤ ਕੌਰ ਬਾਦਲ ਤੇ ਨਿਸ਼ਾਨੇ ਸਾਧੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਦੇ ਕਿਸਾਨਾਂ ਨੇ ਬਿੱਲਾਂ ਦਾ ਵਿਰੋਧ ਕਰਨਾ ਸ਼ੁਰੂ ਕੀਤਾ ਤਾਂ ਸਿਆਸੀ ਲਾਹਾ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ। ਜਾਖੜ ਨੇ ਕਿਹਾ ਕਿ ਬੀਜੇਪੀ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਇੱਕ ਵਾਰ ਚਰਚਾ ਵੀ ਨਹੀਂ ਕੀਤੀ। ਬੀਜੇਪੀ ਨੇ ਬਾਦਲ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ ਤੇ ਦੱਸ ਦਿੱਤਾ ਹੈ ਕਿ ਉਹ ਪੰਜਾਬ ਦੀ ਜਨਤਾ ਅਤੇ ਕਿਸਾਨਾਂ ਦੇ ਵਿਰੋਧੀ ਹੈ।
ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਵੋਟ ਬੈਂਕ ਬਚਾਉਣ ਲਈ ਤੁਰੰਤ ਹਰਸਿਮਰਤ ਕੌਰ ਨੂੰ ਕੇਂਦਰੀ ਕੈਬਨਿਟ ‘ਚੋਂ ਅਸਤੀਫਾ ਦੇਣ ਲਈ ਕਹਿ ਦਿੱਤਾ।