ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਦੇ ਆਰਡੀਨੈਂਸਾਂ ਦੀ ਮਨਜ਼ੂਰੀ ਤੋਂ ਬਾਅਦ ਕਿਸਾਨਾਂ ਵਿਚ ਗ਼ੁੱਸਾ ਸੱਤਵੇਂ ਅਸਮਾਨ ਤੇ ਚੜ੍ਹ ਗਿਆ ਹੈ। ਅੱਜ ਸੂਬੇ ‘ਚ ਕਈ ਥਾਵਾਂ ‘ਤੇ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ। ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਵਿਖੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਪਰਿਵਾਰਾਂ ਸਮੇਤ ਧਰਨੇ ‘ਤੇ ਜਾਣ ਤੋਂ ਪਹਿਲਾਂ ਕਾਂਗਰਸ, ਅਕਾਲੀ ਦਲ ਤੇ ਮੋਦੀ ਸਰਕਾਰ ਦਾ ਸਾਂਝਾ ਪੁਤਲਾ ਫੂਕਿਆ। ਜ਼ਿਲ੍ਹੇ ਦੇ ਆੜ੍ਹਤੀਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ।
ਇਸ ਦੇ ਨਾਲ ਹੀ ਭਾਰਤੀ ਕਸਾਨ ਯੁਨੀਅਨ (ਰਾਜੇਵਾਲ) ਨੇ ਜ਼ਿਲ੍ਹਾ ਕਪੂਰਥਲਾ ‘ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਅਤੇ ਆਰਡੀਨੈਂਸ ਦੀਆਂ ਕਾਪੀਆ ਸਾਡ਼ ਕੇ ਆਪਣਾ ਵਰੋਧ ਪ੍ਰਗਟਾਇਆ । ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਕਿਸਾਨ ਮਾਰੂ ਇਸ ਬਿੱਲ ਨੂੰ ਤੁਰੰਤ ਵਾਪਸ ਲਿਆ ਜਾਵੇ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ ‘ਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕੀਤਾ ਜਾ ਰਿਹਾ ਹੈ, ਜੋ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ। ਇਨ੍ਹਾਂ ਪ੍ਰਦਰਸ਼ਨਾਂ ਵਿਚ ਖੇਤ ਮਜ਼ਦੂਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਿੰਨਾ ਚਿਰ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈਂਦੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।