ਕੋਰੋਨਾ ਮਹਾਮਾਰੀ ਦੌਰਾਨ ਪਾਬੰਦੀਆਂ ਦੇ ਖਿਲਾਫ ਲੰਡਨ ‘ਚ ਹਿੰਸਕ ਪ੍ਰਦਰਸ਼ਨ, 32 ਤੋਂ ਵੱਧ ਲੋਕ ਗ੍ਰਿਫਤਾਰ

TeamGlobalPunjab
2 Min Read

ਲੰਡਨ : ਪੂਰੀ ਦੁਨੀਆ ਸਮੇਤ ਬਿਟ੍ਰੇਨ ‘ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦਿਆਂ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ‘ਚ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਬੀਤੇ ਸ਼ਨੀਵਾਰ ਲੰਡਨ ‘ਚ ਲੋਕਾਂ ਨੇ ਇਨ੍ਹਾਂ ਪਾਬੰਦੀਆਂ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ। ਕਈ ਥਾਵਾਂ ‘ਤੇ ਹਿੰਸਾ ਦੀਆਂ ਘਟਨਾਵਾਂ ਵੀ ਵਾਪਰੀਆਂ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਦੇਸ਼ ‘ਚ ਇਕ ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਮਹਾਮਾਰੀ ਦੇ ਮੱਦੇਨਜ਼ਰ ਪ੍ਰਦਰਸ਼ਨਕਾਰੀਆਂ ਨੂੰ ਇੱਕ ਜਗ੍ਹਾ ‘ਤੇ ਇਕੱਠੇ ਹੋਣ ਦੀ ਮਨਾਹੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਮਾਜਿਕ ਦੂਰੀ ਦੇ ਕਾਨੂੰਨਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਸੀ। ਪੁਲਿਸ ਸੁਪਰਡੈਂਟ ਰਿਚਰਡਸ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਲੰਡਨ ਇਕ ਜਨਤਕ ਸਿਹਤ ਸੰਕਟ ਦੇ ਵਿਚਕਾਰ ਖੜ੍ਹਾ ਹੈ ਅਤੇ ਇਥੇ ਵੱਡਾ ਇਕੱਠ ਲੋਕਾਂ ਦੀ ਜਾਨ ਨੂੰ ਜੋਖਮ ਵਿਚ ਪਾ ਸਕਦਾ ਹੈ ਪਰ ਇਸ ਦੇ ਬਾਵਜੂਦ ਵੀ ਪ੍ਰਦਰਸ਼ਨਕਾਰੀ ਇਥੇ ਇਕੱਠੇ ਹੋਏ। ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਨਹੀਂ ਸੁਣੀ ਤਾਂ ਭੀੜ ਨੂੰ ਹਟਾਉਣ ਲਈ ਪੁਲਿਸ ਨੇ ਆਪਣੇ ਬਲ ਦਾ ਪ੍ਰਯੋਗ ਕੀਤਾ।

ਪੁਲਿਸ ਅਨੁਸਾਰ ਇਸ ਦੌਰਾਨ 32 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੈਟਰੋਪੋਲੀਟਨ ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪਾਂ ਵਿਚ ਦੋ ਪੁਲਿਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਸ਼ੁੱਕਰਵਾਰ ਨੂੰ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਕੋਰੋਨਾ ਵਾਇਰਸ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਲੰਡਨ ਵਿਚ ਦੁਬਾਰਾ ਕੋਰੋਨਾ ਸੰਕਰਮਣ ਫੈਲਣ ਦੀ ਸੰਭਾਵਨਾ ਜ਼ਿਆਦਾ ਹੈ। ਬਿਟ੍ਰੇਨ ਦੇ ਸਿਹਤ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਦੇਸ਼ ‘ਚ ਕੋਰੋਨਾ ਵਾਇਰਸ ਦੇ 4,422 ਨਵੇਂ ਮਾਮਲੇ ਦਰਜ ਕੀਤੇ  ਗਏ ਹਨ।

Share This Article
Leave a Comment