ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਰਾਸ਼ਟਰਪਤੀ ਵੱਲੋਂ ਕਿਸਾਨ ਵਿਰੋਧੀ ਨਵੇਂ ਖੇਤੀ ਬਿੱਲਾਂ ‘ਤੇ ਦਸਤਖਤ ਕਰਨ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਦੇ ਸਮਾਨ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਵੱਲ਼ੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ । ਮੋਦੀ ਦੀ ਸਰਕਾਰ ਨੇ ਪਾਰਲੀਮੈਂਟ ‘ਚ ਭਾਰੀ ਵਿਰੋਧ ਦੇ ਧੱਕੇ ਨਾਲ ਬਿੱਲ ਪਾਸ ਕੀਤਾ ਸਾਰੇ ਦੇਸ਼ ਦੇ ਕਿਸਾਨਾ ਨੇ ਭਾਰੀ ਵਿਰੋਧ ਕੀਤਾ ਸੀ ਤੇ ਨਾਲ ਹੀ ਰਾਸ਼ਟਰਪਤੀ ਨੂੰ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ ਵੀ ਕੀਤੀ ਸੀ।
ਲੱਖੋਵਾਲ ਨੇ ਕਿਹਾ ਕਿ ਇਸ ਬਿੱਲ ਵਿਰੁੱਧ ਸਖ਼ਤ ਸ਼ੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਅੱਜ 13 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਆਲਮਗੀਰ ਸਾਹਿਬ , ਲੁਧਿਆਣਾ ਵਿਖੇ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ‘ਚ ਕੇਂਦਰ ਸਰਕਾਰ ਵਿਰੁੱਧ ਸਖ਼ਤ ਫ਼ੈਸਲੇ ਲਏ ਜਾਣਗੇ ਅਤੇ ਇਸ ਦੇ ਨਤੀਜਿਆਂ ਲਈ ਸਿੱਧੇ ਤੌਰ ਤੇ ਮੋਦੀ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ।।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ , ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਅਤੇ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਨੇ ਕਿਸਾਨ ਵਿਰੋਧੀ ਬਿੱਲਾਂ ‘ਤੇ ਦਸਤਖਤ ਨਹੀਂ ਕੀਤੇ ਬਲਕਿ ਕਿਸਾਨਾਂ ਦੇ ਮੌਤ ਵਰੰਟ ਤੇ ਮੋਹਰ ਲਗਾ ਦਿੱਤੀ ਹੈ।