ਤਲਵੰਡੀ ਸਾਬੋ : ਖੇਤੀ ਕਾਨੂੰਨ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਕਿਸਾਨ ਮਾਰਚ ਕੱਢ ਰਿਹਾ ਹੈ। ਜਿਸ ਤਹਿਤ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਉਪਰੰਤ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਨੂੰ ਰਵਾਨਾ ਹੋ ਗਏ ਹਨ। ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇਣ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਪਹੁੰਚੇ ਸਨ। ਜਿੱਥੋਂ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਸੀ।
ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵੱਡੇ ਕਾਫ਼ਲੇ ਦੀ ਅਗਵਾਈ ਕਰਦੇ ਹੋਏ ਚੰਡੀਗੜ੍ਹ ਨੂੰ ਕੂਚ ਕੀਤੀ ਹੈ। ਹਰਸਿਮਰਤ ਕੌਰ ਬਾਦਲ ਦਾ ਇਹ ਵਫਦ ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਜੋ ਮਾਰਚ ਕਰਦਾ ਹੋਇਆ ਮੌੜ, ਰਾਮਪੁਰਾ, ਤਪਾ ਬਰਨਾਲਾ, ਸੰਗਰੂਰ, ਭਵਾਨੀਗੜ੍ਹ ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟਾਂ ਅਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ।
https://www.facebook.com/Harsimratkaurbadal/posts/3665846303427442
ਆਪਣਾ ਮਾਰਚ ਸਫਲ ਬਣਾਉਣ ਲਈ ਹਰਸਿਮਰਤ ਬਾਦਲ ਲਗਾਤਾਰ ਆਪਣੇ ਹਲਕੇ ਵਿੱਚ ਵਰਕਰਾਂ ਨਾਲ ਮੀਟਿੰਗ ਕਰਦੇ ਰਹੇ ਸੀ। ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਮਾਲਵਾ ਮਾਝਾ ਅਤੇ ਦੋਆਬਾ ਵਿੱਚ ਵਰਕਰ ਮੀਟਿੰਗ ਕੀਤੀਆਂ ਗਈਆਂ ਸਨ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖੇਤੀ ਆਰਡੀਨੈਂਸ ਦੀ ਖ਼ਿਲਾਫ਼ਤ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਇੱਕ ਵੀ ਨਹੀਂ ਮੰਨੀ। ਜਿਸ ਤੋਂ ਬਾਅਦ ਕੇਂਦਰੀ ਕੈਬਨਿਟ ਛੱਡਣੀ ਪਈ। ਤਾਂ ਜੋ ਕਿਸਾਨਾਂ ਦਾ ਹੱਕ ਲੈਣ ਲਈ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਨਿੱਤਰੇ ਜਾ ਸਕੇ।